21 ਦਸੰਬਰ ਤੱਕ ਜਵਾਬ ਦਾਇਰ ਕਰਨ ਦਾ ਵੀ ਦਿੱਤਾ ਹੁਕਮ
ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ ਪੰਚਾਇਤੀ ਰਾਜ ਚੋਣਾਂ ਵਿੱਚ ਹੋਈ ਦੇਰੀ ਸੰਬੰਧੀ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਚ ਅੱਜ ਸੁਣਵਾਈ ਹੋਈ। ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਜ਼ਿਆ ਲਾਲ ਭਾਰਦਵਾਜ ਦੀ ਬੈਂਚ ਨੇ ਸੂਬਾ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਇਸ ਮਾਮਲੇ ਜਵਾਬ ਤਲਬ ਕੀਤਾ ਹੈ ਅਤੇ ਅਦਾਲਤ ਨੇ ਸੂਬਾ ਸਰਕਾਰ ਨੂੰ 21 ਦਸੰਬਰ ਤੱਕ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।
ਪੰਚਾਇਤੀ ਰਾਜ ਚੋਣਾਂ ਦੀ ਸਮਾ ਸੀਮਾਂ ਬਾਰੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਦਾ ਇਲਜ਼ਾਮ ਹੈ ਕਿ ਸੂਬਾ ਸਰਕਾਰ ਦਾ ਸਮੇਂ ਸਿਰ ਚੋਣਾਂ ਕਰਵਾਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ ਹੈ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਸਰਕਾਰ ਜਾਣਬੁੱਝ ਕੇ ਚੋਣਾਂ ਵਿੱਚ ਦੇਰੀ ਕਰ ਰਹੀ ਹੈ, ਜਿਸ ਨਾਲ ਪੰਚਾਇਤੀ ਪ੍ਰਕਿਰਿਆਵਾਂ ਵਿੱਚ ਵਿਘਨ ਪੈ ਰਿਹਾ ਹੈ। ਪਟੀਸ਼ਨਕਰਤਾ ਦੇ ਵਕੀਲ ਮਨਦੀਪ ਚੰਦੇਲ ਨੇ ਕਿਹਾ ਕਿ ਸੁਣਵਾਈ ਦੌਰਾਨ ਅਦਾਲਤ ਨੇ ਸੂਬਾ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ 21 ਦਸੰਬਰ ਤੱਕ ਜਵਾਬ ਮੰਗਿਆ ਹੈ।
