10,000 ਤੋਂ ਵੱਧ ਮਾਮਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਨਿਪਟਾਰੇ ਦੀ ਉਡੀਕ ਕਰ ਰਹੇ ਹਨ
ਨਵੀਂ ਦਿੱਲੀ : ਸਰਕਾਰ ਨੇ ਰਾਜ ਸਭਾ ਨੂੰ ਦੱਸਿਆ ਕਿ ਸੁਪਰੀਮ ਕੋਰਟ ਵਿਚ 96,000 ਤੋਂ ਵੱਧ ਮਾਮਲੇ ਪੈਂਡਿੰਗ ਹਨ, ਜਿਨ੍ਹਾਂ ਵਿਚੋਂ 10,000 ਤੋਂ ਵੱਧ ਮਾਮਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਨਿਪਟਾਰੇ ਦੀ ਉਡੀਕ ਕਰ ਰਹੇ ਹਨ। ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਉਪਰਲੇ ਸਦਨ ਨੂੰ ਇਹ ਜਾਣਕਾਰੀ ਦਿਤੀ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, 25 ਹਾਈ ਕੋਰਟਾਂ ਅਤੇ ਜ਼ਿਲ੍ਹਾ ਅਤੇ ਅਧੀਨ ਅਦਾਲਤਾਂ ਵਿਚ ਕੁੱਲ 5.64 ਕਰੋੜ ਮਾਮਲੇ ਪੈਂਡਿੰਗ ਹਨ। ਰਾਸ਼ਟਰੀ ਨਿਆਂਇਕ ਡੇਟਾ ਗਰਿੱਡ ’ਤੇ ਉਪਲਬਧ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਕਾਨੂੰਨ ਮੰਤਰੀ ਮੇਘਵਾਲ ਨੇ ਕਿਹਾ ਕਿ 30 ਸਾਲਾਂ ਤੋਂ ਵੱਧ ਸਮੇਂ ਤੋਂ ਵੱਖ-ਵੱਖ ਹਾਈ ਕੋਰਟਾਂ ਵਿਚ 80,660 ਮਾਮਲੇ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿਚ 30 ਸਾਲਾਂ ਤੋਂ ਵੱਧ ਸਮੇਂ ਤੋਂ 26 ਮਾਮਲੇ ਪੈਂਡਿੰਗ ਹਨ, ਜਦੋਂ ਕਿ 558 ਮਾਮਲੇ 20 ਸਾਲਾਂ ਤੋਂ ਵੱਧ ਸਮੇਂ ਤੋਂ ਨਿਪਟਾਰੇ ਦੀ ਉਡੀਕ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਮਾਮਲਿਆਂ ਦਾ ਨਿਪਟਾਰਾ ਨਿਆਂਪਾਲਿਕਾ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਹੈ।
