
ਗਣਤੰਤਰ ਦਿਵਸ ਪਰੇਡ ਤੋਂ ਬਾਅਦ ਪੂਸਾ ਕੰਪਲੈਕਸ ’ਚ ਕਰੀਬ 400 ਕਿਸਾਨਾਂ ਨਾਲ ਗੱਲਬਾਤ ਕੀਤੀ
ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਅਪਣੀ ਉਪਜ ਸਿੱਧੇ ਖਪਤਕਾਰਾਂ ਨੂੰ ਵੇਚਣ ਦੀ ਇਜਾਜ਼ਤ ਦੇਣ ਲਈ ਇਕ ਮਾਡਲ ’ਤੇ ਕੰਮ ਕਰ ਰਹੀ ਹੈ, ਜਿਸ ਨਾਲ ਵਿਚੋਲਿਆਂ ਦੀ ਭੂਮਿਕਾ ਘੱਟ ਹੋਵੇਗੀ। ਇਕ ਬਿਆਨ ’ਚ ਕਿਹਾ ਗਿਆ ਹੈ ਕਿ ਪੂਸਾ ਕੰਪਲੈਕਸ ’ਚ ਗਣਤੰਤਰ ਦਿਵਸ ਪਰੇਡ ਤੋਂ ਬਾਅਦ ਕਰੀਬ 400 ਕਿਸਾਨਾਂ ਨਾਲ ਗੱਲਬਾਤ ਕਰਦਿਆਂ ਚੌਹਾਨ ਨੇ ਜ਼ੋਰ ਦੇ ਕੇ ਕਿਹਾ ਕਿ ‘ਫਾਰਮ ਟੂ ਕੰਜ਼ਿਊਮਰ’ ਮਾਡਲ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ’ਚ ਮਦਦ ਕਰੇਗਾ।
ਉਨ੍ਹਾਂ ਕਿਹਾ, ‘‘ਖੇਤੀਬਾੜੀ ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਇਸ ਦੀ ਆਤਮਾ ਹਨ। ਭਾਰਤ ਕਿਸਾਨਾਂ ਤੋਂ ਬਿਨਾਂ ਖੁਸ਼ਹਾਲ ਨਹੀਂ ਹੋ ਸਕਦਾ। ਹਾਲਾਂਕਿ ਖੇਤੀਬਾੜੀ ਰਾਜ ਦਾ ਵਿਸ਼ਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰੇਗੀ।’’ ਚੌਹਾਨ ਨੇ ਕਿਹਾ, ‘‘ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦਾ ਯੋਗਦਾਨ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰਾਂ ਵੀ ਤੁਹਾਡਾ ਸਮਰਥਨ ਕਰਨਗੀਆਂ।’’
ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਫਸਲਾਂ ਦੀ ਖਰੀਦ, ਤਕਨਾਲੋਜੀ ਅਧਾਰਤ ਹੱਲਾਂ ਨੂੰ ਉਤਸ਼ਾਹਤ ਕਰਨ, ਕ੍ਰਿਸ਼ੀ ਵਿਗਿਆਨ ਕੇਂਦਰਾਂ ਨੂੰ ਮਜ਼ਬੂਤ ਕਰਨ, ਕੁਦਰਤੀ ਖੇਤੀ ਅਤੇ ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਸਮੇਤ ਚੱਲ ਰਹੇ ਯਤਨਾਂ ’ਤੇ ਚਾਨਣਾ ਪਾਇਆ।
ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਤਾਕਤਵਰ ਬਣਾਉਣ ਅਤੇ ਉਨ੍ਹਾਂ ਦੀ ਆਰਥਕ ਸਥਿਤੀ ਨੂੰ ਸੁਧਾਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਗੱਲਬਾਤ ਇਕ ਪ੍ਰੋਗਰਾਮ ਦਾ ਹਿੱਸਾ ਸੀ ਜਿਸ ’ਚ 400 ਪ੍ਰਗਤੀਸ਼ੀਲ ਕਿਸਾਨਾਂ ਅਤੇ ਯੋਜਨਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਜੀਵਨ ਸਾਥੀਆਂ ਨਾਲ ਕਰਤਵਿਆ ਮਾਰਗ ’ਤੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਲਈ ਸੱਦਾ ਦਿਤਾ ਗਿਆ ਸੀ।