
ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
Punjab Assembly Session : ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਸ਼ਖ਼ਸੀਅਤਾਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਸਨ। ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ। ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।
ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਨੂੰ ਵੀ ਸ਼ਰਧਾਂਜਲੀ
ਇਸ ਮੌਕੇ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਪੀਕਰ ਦਾ ਕਹਿਣਾ ਹੈ ਕਿ ਪੰਜਾਬੀ ਪੱਤਰਕਾਰੀ ਦੀ ਦੁਨੀਆਂ ਵਿੱਚ ਨਵੇਂ ਪ੍ਰਤੀਮਾਨ ਸਿਰਜੇ ਹਨ। ਸ. ਜੋਗਿੰਦਰ ਸਿੰਘ ਜੀ ਨੇ ਸਮੇਂ ਦੀ ਹਕੂਮਤ ਦੀ ਪ੍ਰਵਾਹ ਕੀਤੇ ਸਮਾਜਕ ਮੁੱਦਿਆ ਨੂੰ ਉਭਾਰਿਆ। ਉਨ੍ਹਾਂ ਨੇ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਇਆ ਹੈ।
ਸ਼ਖਸੀਅਤਾਂ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਸਰਦੂਲ ਸਿੰਘ, ਸੁਤੰਤਰਤਾ ਸੈਨਾਨੀ ਕਸ਼ਮੀਰ ਸਿੰਘ, ਹਰਦੇਵ ਸਿੰਘ, ਜਗਦੀਸ਼ ਪ੍ਰਸਾਦ, ਅਟੇਡਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।