
Chandigarh News: ਪਲਾਟ, ਫਲੈਟ ਤੇ ਘਰ ਸੀਲ
3 crore property of fugitive accused of drug trafficking attached Chandigarh News: ਚੰਡੀਗੜ੍ਹ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਐਨ.ਟੀ.ਐਫ.) ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਮੁਹਿੰਮ ਵਿੱਢੀ ਹੈ। ਪਹਿਲੀ ਵਾਰ ਕਿਸੇ ਭਗੌੜੇ ਮੁਲਜ਼ਮ (ਡਰੱਗ ਸਮੱਗਲਰ) ਦੀ 3 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਸ ਦਾ ਉਦੇਸ਼ ਨਸ਼ਾ ਤਸਕਰੀ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਇਸਦੇ ਦੋਸ਼ੀਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨਾ ਹੈ।
ਅਜਿਹਾ ਕਰਕੇ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਪੁਲਿਸ ਨੇ ਜਿਸ ਮੁਲਜ਼ਮ ਦੀ ਜਾਇਦਾਦ ਕੁਰਕ ਕੀਤੀ ਹੈ, ਉਸ ਦਾ ਨਾਂ ਰੇਸ਼ਮ ਸਿੰਘ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਨਸ਼ਾ ਤਸਕਰੀ ਰਾਹੀਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਜਾਇਦਾਦਾਂ ਬਣਾਈਆਂ ਹਨ।
ਕੁਰਕ ਕੀਤੀਆਂ ਜਾਇਦਾਦਾਂ ਵਿੱਚ ਮੁਹਾਲੀ ਦੀ ਐਰੋਸਿਟੀ ਵਿਚ ਇੱਕ ਪਲਾਟ, ਫ਼ਿਰੋਜ਼ਪੁਰ ਵਿੱਚ ਜ਼ੀਰਾ ਦੇ ਗ੍ਰੀਨ ਸਿਟੀ ਵਿਚ ਇਕ ਘਰ , ਖਰੜ ਵਿੱਚ ਇੱਕ ਫਲੈਟ ਅਤੇ ਬਲਾਚੌਰ ਵਿੱਚ ਇੱਕ ਵਾਹੀਯੋਗ ਜ਼ਮੀਨ ਸ਼ਾਮਲ ਹੈ। ਐਨਡੀਪੀਐਸ ਐਕਟ, 1985 ਦੀ ਧਾਰਾ 68ਐਫ ਤਹਿਤ ਇਨ੍ਹਾਂ ਜਾਇਦਾਦਾਂ ਨੂੰ ਫਰੀਜ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਧਾਰਾ ਪੁਲਿਸ ਨੂੰ ਨਸ਼ਾ ਤਸਕਰੀ ਦੇ ਦੋਸ਼ੀ ਵਿਅਕਤੀਆਂ ਦੀ ਜਾਇਦਾਦ ਜ਼ਬਤ ਕਰਨ ਦਾ ਅਧਿਕਾਰ ਦਿੰਦੀ ਹੈ। ਇਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਨਾਜਾਇਜ਼ ਕਾਰੋਬਾਰ ਤੋਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਕੇ ਇਸ ਨਾਜਾਇਜ਼ ਵਪਾਰ ਨੂੰ ਕਮਜ਼ੋਰ ਕਰਨਾ ਹੈ। ਇਹ ਧਾਰਾ ਉਨ੍ਹਾਂ ਵਿਅਕਤੀਆਂ ਅਤੇ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਦਾ ਆਧਾਰ ਬਣਦੀ ਹੈ ਜੋ ਇਸ ਗ਼ੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹਨ।
ਪੁਲਿਸ ਮੁਤਾਬਕ ਇਨ੍ਹਾਂ ਜਾਇਦਾਦਾਂ ਦੀ ਕੁੱਲ ਕੀਮਤ 3 ਕਰੋੜ ਰੁਪਏ ਦੇ ਕਰੀਬ ਹੈ ਅਤੇ ਇਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਕਾਰੋਬਾਰ ਤੋਂ ਕਮਾਏ ਪੈਸੇ ਨਾਲ ਖਰੀਦਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਦੀ ਇਸ ਕਾਰਵਾਈ ਨਾਲ ਦੋਸ਼ੀਆਂ ਨੂੰ ਵੱਡਾ ਝਟਕਾ ਲੱਗੇਗਾ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਪੰਜਾਬ ਵਿੱਚ ਵੀ ਉਸ ਦੇ ਖਿਲਾਫ ਕਈ ਮਾਮਲੇ ਦਰਜ ਹਨ। ਪੰਜਾਬ ਪੁਲਿਸ ਵੀ ਮੁਲਜ਼ਮ ਦੀ ਭਾਲ ਕਰ ਰਹੀ ਹੈ। ਉਥੋਂ ਵੀ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ।