
Farmer protest Chandigarh News: ਪੁਲਿਸ ਬਾਈਕ ਅਤੇ ਕਾਰ ਸਵਾਰਾਂ ਦੇ ਆਈਡੀ ਪਰੂਫ਼ ਵੀ ਚੈੱਕ ਕਰ ਰਹੀ
ਸੰਯੁਕਤ ਕਿਸਾਨ ਮੋਰਚਾ (SKM) ਅੱਜ 5 ਮਾਰਚ ਤੋਂ ਚੰਡੀਗੜ੍ਹ ਦੇ ਸੈਕਟਰ 34 ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰੇਗਾ। ਕਿਸਾਨਾਂ ਨੇ ਮੁਹਾਲੀ ਤੋਂ ਟਰੈਕਟਰ ਟਰਾਲੀਆਂ ਨਾਲ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦਾ ਐਲਾਨ ਕੀਤਾ ਹੈ। ਕਿਸਾਨ ਐਮਐਸਪੀ ਦੀ ਗਰੰਟੀ ਦੇ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੋਂ ਧਰਨਾ ਦੇਣ ਦੀ ਇਜਾਜ਼ਤ ਨਹੀਂ ਮਿਲੀ ਹੈ।
ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇੱਥੋਂ ਤੱਕ ਕਿ ਕਿਸਾਨ ਚੰਡੀਗੜ੍ਹ ਵਿੱਚ ਨਾ ਵੜਨ ਨੂੰ ਯਕੀਨੀ ਬਣਾਉਣ ਲਈ ਪੁਲਿਸ ਬਾਈਕ ਅਤੇ ਕਾਰ ਸਵਾਰਾਂ ਦੇ ਆਈਡੀ ਪਰੂਫ਼ ਵੀ ਚੈੱਕ ਕਰ ਰਹੀ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਐਂਟਰੀ ਦਿੱਤੀ ਜਾ ਰਹੀ ਹੈ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਹੈ, ਉੱਥੇ ਹੀ ਸੜਕਾਂ ਕਿਨਾਰੇ ਖ਼ਾਲੀ ਥਾਵਾਂ ’ਤੇ ਬੈਠਣ। ਉਨ੍ਹਾਂ ਕਿਹਾ ਕਿ ਸੜਕ ਜਾਮ ਕਰਨ ਦੇ ਦੋਸ਼ ਲਾਉਣ ਵਾਲੀ ਪੰਜਾਬ ਪੁਲਿਸ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।