
Chandigarh News : ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ ‘ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ
Chandigarh News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਾਅ ਨੂੰ ਤਨਦੇਹੀ ਨਾਲ ਕਾਬੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਕਿਸੇ ਵੀ ਪ੍ਰੋਗਰਾਮ ਨੂੰ ਸਮਰਪਿਤ ਭਾਵਨਾ ਨਾਲ ਪੂਰਾ ਕਰਨ ਦਾ ਵਾਅਦਾ ਵੀ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਰਾਜ ਕਰਮਚਾਰੀ ਦਲ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਮੰਗ ਪੱਤਰ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿੱਤ ਮੰਤਰੀ ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਕੁਝ ਮੰਗਾਂ ਸਬੰਧੀ ਵਿੱਤੀ ਜਿੰਮੇਵਾਰੀ ਦਾ ਜਾਇਜ਼ਾ ਲੈਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਰਕਾਰ ਨੇ ਹਾਲ ਹੀ ਵਿੱਚ ਕਰਮਚਾਰੀਆਂ ਨੂੰ 4 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ।
ਕੰਪਿਊਟਰ ਅਧਿਆਪਕ ਯੂਨੀਅਨਾਂ ਨੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਉਠਾਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਦੀ ਬਿਹਤਰੀ ਯਕੀਨੀ ਬਨਾਉਣ ਲਈ ਪਹਿਲੀਆਂ ਸਰਕਾਰਾਂ ਵਾਂਗ ਅਜਿਹੇ ਫੈਸਲੇ ਨਾ ਲਏ ਜਾਣ ਜਿਸ ਕਾਰਨ ਮੁਲਾਜ਼ਮਾਂ ਨੂੰ ਅਦਾਲਤੀ ਕੇਸਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਯੂਨੀਅਨ ਦੀਆਂ ਸਾਰੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਉਪਰੰਤ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਮਰਪਣ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਰਗਰਮ ਪਹੁੰਚ ਦਾ ਉਦੇਸ਼ ਸਾਰੇ ਸੂਬੇ ਦੇ ਕਰਮਚਾਰੀਆਂ ਲਈ ਇੱਕ ਮਦਦਗਾਰ ਮਾਹੌਲ ਪੈਦਾ ਕਰਨਾ ਹੈ।
ਇੰਨ੍ਹਾਂ ਮੀਟਿੰਗਾਂ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਕਰਮਚਾਰੀ ਦਲ ਦੇ ਪ੍ਰਧਾਨ ਹਰੀ ਸਿੰਘ ਟੌਹੜਾ, ਮੀਤ ਪ੍ਰਧਾਨ ਗਿਆਨ ਸਿੰਘ ਘਨੌਲੀ, ਰਾਕੇਸ਼ ਵਤਸ, ਦਵਿੰਦਰ ਸਿੰਘ, ਜਗੀਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਪ੍ਰਧਾਨ ਜਸਮੇਲ ਸਿੰਘ ਦਿਓਲ, ਮਹਿੰਦਰਪਾਲ ਸਿੰਘ, ਬੇਅੰਤ ਕੌਰ ਅਤੇ ਆਸ਼ੂ ਗਰਗ, ਅਤੇ ਕੰਪਿਊਟਰ ਅਧਿਆਪਕ ਯੂਨੀਅਨਾਂ ਦੇ ਆਗੂਆਂ ਵਿੱਚ ਪਰਦੀਪ ਮਲੂਕਾ, ਲਖਵਿੰਦਰ ਸਿੰਘ, ਰਾਕੇਸ਼ ਸੈਣੀ, ਨਵਨੀਤ ਸ਼ਰਮਾ, ਗੁਰਵਿੰਦਰ ਸਿੰਘ, ਹਰਪ੍ਰੀਤ ਅਤੇ ਹਰਜੀਤ ਸਿੰਘ ਸ਼ਾਮਿਲ ਸਨ।
(For more news apart from Finance Minister Harpal Singh Cheema assured life insurance coverage to the employees of AIDS Control Society News in Punjabi, stay tuned to Rozana Spokesman)