ਮਾਹਰ ਵਕੀਲਾਂ ਦਾ ਪੈਨਲ ਬਣਾ ਕੇ ਧੱਕੇਸ਼ਾਹੀ ਖਿਲਾਫ਼ ਡਟ ਕੇ ਲੜਾਂਗੇ ਲੜਾਈ
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ (ਪੀ. ਯੂ.) ਦੀ ਸੈਨੇਟ ਨੂੰ ਭੰਗ ਕਰਨ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇਸ ਮੁੱਦੇ ’ਤੇ ਹੁਣ ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਇਸ ਮੁੱਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਸੰਵਿਧਾਨਕ ਤੌਰ ’ਤੇ ਭੰਗ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ ਖ਼ਿਲਾਫ਼ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਖ਼ਿਲਾਫ਼ ਡਟ ਕੇ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਵਿਧਾਨ ਸਭਾ ਵਿਚ ਵੀ ਇਹ ਮੁੱਦਾ ਲਿਆਂਦਾ ਜਾਵੇਗਾ ਤਾਂ ਜੋ ਵਿਧਾਨਿਕ ਤੌਰ ’ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ।
