ਦੋ ਸੌ ਕਾਲਜਾਂ ਦੇ ਪਿ੍ਰੰਸੀਪਲ, ਵਿਦਿਆਰਥੀ ਅਤੇ ਪੰਜਾਬ ਸਰਕਾਰ ਮਿਲ ਕੇ ਕੇਂਦਰ ਸਰਕਾਰ ਖਿਲਾਫ਼ ਲੜੇਗੀ ਲੜਾਈ
ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਇਕ ਵਫ਼ਦ ਨੇ ਪੀ.ਯੂ. ਸੈਨੇਟ ਤੇ ਸਿੰਡੀਕੇਟ ਦੇ ਮੁੱਦੇ ’ਤੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੈਨੇਟ ਦੇ ਦੋ ਮੈਂਬਰ ਵੀ ਮੌਜੂਦ ਸਨ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰਾਜਪਾਲ ਦੇ ਸਾਹਮਣੇ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਭੰਗ ਕਰਨਾ ਚਾਹੁੰਦੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਪਹਿਲਾਂ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਇਸ ਤੋਂ ਬਾਅਦ ਹੀ ਇਕ ਹੋਰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਵੱਲੋਂ ਇਸ ਨੂੰ ਵਾਪਸ ਲੈਣ ਸਬੰਧੀ ਕੋਈ ਤਰੀਕ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਵਾਪਸ ਨਹੀਂ ਲਿਆ ਗਿਆ ਸਗੋਂ ਇਸ ਕੇਂਦਰ ਵੱਲੋਂ ਹੋਲਡ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਿਰਫ਼ ਪੀ.ਯੂ. ਹੀ ਨਹੀਂ ਪੰਜਾਬ ਦੇ 200 ਕਾਲਜ ਵੀ ਪ੍ਰਭਾਵਿਤ ਹੋਏ ਹਨ ਤੇ ਲੱਖਾਂ ਦੀ ਵਿਦਿਆਰਥੀਆਂ ’ਤੇ ਇਸ ਦਾ ਅਸਰ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਦਿਲੋਂ ਨਫ਼ਰਤ ਕਰਦੀ ਹੈ ਤੇ ਪੰਜਾਬ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ‘ਆਪ’ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਬੀ.ਬੀ.ਐਮ.ਬੀ. ’ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਅਤੇ ਹੁਣ ਪੀ.ਯੂ. ਨੂੰ ਆਪਣੇ ਹੱਥ ਵਿਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਹੈ।
