
ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਤੇ ਕਾਂਗਰਸ ਇਕੱਠੀਆਂ
Chandigarh Mayoral Election: ਚੰਡੀਗੜ੍ਹ 'ਚ ਮੇਅਰ ਚੋਣਾਂ 2025 ਦਾ ਐਲਾਨ ਹੋ ਚੁੱਕਾ ਹੈ। ਪ੍ਰਸ਼ਾਸਨ ਨੇ ਮੰਗਲਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 24 ਜਨਵਰੀ 2025 ਨੂੰ ਹੋਣਗੀਆਂ। ਉਮੀਦਵਾਰ 20 ਜਨਵਰੀ ਸ਼ਾਮ 5 ਵਜੇ ਤਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।
ਮੇਅਰ ਦੇ ਅਹੁਦੇ ਲਈ ਵੋਟਿੰਗ 24 ਜਨਵਰੀ ਨੂੰ ਸਵੇਰੇ 11 ਵਜੇ ਨਗਰ ਨਿਗਮ ਹਾਊਸ ਵਿਚ ਹੋਵੇਗੀ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਫਿਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਹੋਵੇਗੀ।
ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਤੇ ਕਾਂਗਰਸ ਇਕੱਠੀਆਂ
ਇਸ ਸਮੇਂ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਕੁਮਾਰ ਟੀਟਾ ਚੰਡੀਗੜ੍ਹ ਦੇ ਮੇਅਰ ਹਨ। ਉਨ੍ਹਾਂ ਨੂੰ ਕਾਂਗਰਸ ਦਾ ਸਮਰਥਨ ਵੀ ਹਾਸਲ ਹੈ। ਦਰਅਸਲ, ਚੰਡੀਗੜ੍ਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗੱਠਜੋੜ ਹੈ ਅਤੇ ਇਸੇ ਗੱਠਜੋੜ ਕੋਲ ਸਦਨ ’ਚ ਬਹੁਮਤ ਹੈ।
ਇਸ ਵਾਰ ਚੰਡੀਗੜ੍ਹ ਵਿਚ ਮੇਅਰ ਚੋਣ-2025 ਲਈ ਨਾਮਜ਼ਦ ਕੌਂਸਲਰ ਰਮਨੀਕ ਬੇਦੀ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਯਾਨੀ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੇਅਰ ਚੋਣ-2025 ਦੀ ਵੋਟਿੰਗ ਗੁਪਤ ਬੈਲਟ ਰਾਹੀਂ ਹੀ ਹੋਵੇਗੀ। ਜਿੱਥੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਓਪਨ ਵੋਟਿੰਗ ਦੀ ਮੰਗ ਕੀਤੀ ਸੀ, ਉਥੇ ਹੀ ਚੰਡੀਗੜ੍ਹ ਪ੍ਰਸ਼ਾਸਕ ਵਲੋਂ ਓਪਨ ਵੋਟਿੰਗ ਦੀ ਮੰਗ ਨੂੰ ਰੱਦ ਕਰ ਦਿਤਾ ਗਿਆ ਹੈ।
ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ ਨੇ ਮੰਗ ਕੀਤੀ ਸੀ ਕਿ ਮੇਅਰ ਦੀ ਚੋਣ 20 ਫ਼ਰਵਰੀ ਤੋਂ ਪਹਿਲਾਂ ਨਾ ਕਰਵਾਈ ਜਾਵੇ। ਕਿਹਾ ਗਿਆ ਸੀ ਕਿ ਮੌਜੂਦਾ ਮੇਅਰ ਕੁਲਦੀਪ ਕੁਮਾਰ ਦਾ ਕਾਰਜਕਾਲ 19 ਫ਼ਰਵਰੀ 2025 ਤਕ ਹੋਣਾ ਚਾਹੀਦਾ ਹੈ, ਕਿਉਂਕਿ ਸੁਪਰੀਮ ਕੋਰਟ ਨੇ 20 ਫ਼ਰਵਰੀ 2024 ਨੂੰ ਆਦੇਸ਼ ਦੇ ਕੇ ਕੁਲਦੀਪ ਕੁਮਾਰ ਨੂੰ ਮੇਅਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਸੀ। ਜੇਕਰ 20 ਫ਼ਰਵਰੀ ਤੋਂ ਪਹਿਲਾਂ ਚੋਣਾਂ ਹੋ ਜਾਂਦੀਆਂ ਹਨ ਤਾਂ ਮੇਅਰ ਦਾ ਇੱਕ ਸਾਲ ਦਾ ਕਾਰਜਕਾਲ ਪੂਰਾ ਨਹੀਂ ਹੋਵੇਗਾ।