
ਕੀ ਕਿਸਾਨਾਂ ਨੂੰ ਮਨਾ ਪਾਉਣਗੇ ਮੰਤਰੀ
Delhi Chalo March: ਚੰਡੀਗੜ੍ਹ - ਕਿਸਾਨਾਂ ਦੇ ਦਿੱਲੀ ਮਾਰਚ ਨੂੰ ਰੋਕਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੇ ਗੱਲਬਾਤ ਦਾ ਦੌਰ ਸ਼ੁਰੂ ਕੀਤਾ ਹੈ ਤੇ ਅੱਜ ਇਕ ਵਾਰ ਫਿਰ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਹੋ ਰਹੀ ਹੈ। ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਸਮੇਤ ਹੋਰ ਕੇਂਦਰੀ ਮੰਤਰੀ ਇੱਥੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਕਿਸਾਨ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਹਨ।
ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੀ ਸ਼ਾਮਲ ਹੋਏ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ 200 ਤੋਂ ਵੱਧ ਕਿਸਾਨ ਸੰਗਠਨ ਮੰਗਲਵਾਰ ਨੂੰ ਦਿੱਲੀ ਵੱਲ ਮਾਰਚ ਕਰਨਗੇ। 8 ਫਰਵਰੀ ਨੂੰ ਹੋਈ ਪਹਿਲੀ ਮੀਟਿੰਗ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਦਰਮਿਆਨ ਵਿਸਥਾਰਤ ਵਿਚਾਰ ਵਟਾਂਦਰੇ ਹੋਏ ਸਨ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਵੀ ਮੰਤਰੀ ਮੌਜੂਦ ਹਨ।