
ਇਮੀਗ੍ਰੇਸ਼ਨ ਧੋਖਾਧੜੀ ਮਾਮਲੇ ’ਚ ਚੰਡੀਗੜ੍ਹ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅਦਾਲਤ ਨੇ ਅਗਲੇਰੀ ਜਾਂਚ ਲਈ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਇਮੀਗ੍ਰੇਸ਼ਨ ਨਾਲ ਸਬੰਧਤ ਧੋਖਾਧੜੀ ਦੇ ਕਈ ਮਾਮਲਿਆਂ ’ਚ ਲੋੜੀਂਦੇ ਗੁਰਿੰਦਰ ਸਿੰਘ, ਉਰਫ਼ ਗੁਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ ਸੈਕਟਰ-34 ਥਾਣੇ ਦੀ ਟੀਮ ਨੇ ਸਬ-ਇੰਸਪੈਕਟਰ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਕ੍ਰਾਈਮ ਸੈੱਲ ਸਟਾਫ ਦੀ ਮਦਦ ਨਾਲ ਕੀਤੀ। ਮੁਲਜ਼ਮ ਨੂੰ ਲੁਧਿਆਣਾ ਤੋਂ ਫੜਿਆ ਗਿਆ। ਗੁਰਿੰਦਰ ਸਿੰਘ 14 ਅਕਤੂਬਰ 2023 ਨੂੰ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 409, 419, 420, 467, 468, 471 ਅਤੇ 120-ਬੀ ਤਹਿਤ ਐਫ.ਆਈ.ਆਰ. ਨੰਬਰ 162 ਦੇ ਸਬੰਧ ’ਚ ਕਾਫ਼ੀ ਸਮੇਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ।
ਇਹ ਮਾਮਲਾ ਚੰਡੀਗੜ੍ਹ ਦੇ ਸਾਰੰਗਪੁਰ ਦੇ ਸੁਖਬੀਰ ਸਿੰਘ ਵਲੋਂ ਦਾਇਰ ਕੀਤੀ ਗਈ ਸ਼ਿਕਾਇਤ ਤੋਂ ਸ਼ੁਰੂ ਹੋਇਆ ਸੀ, ਜਿਸ ਨੇ ਗੁਰਿੰਦਰ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਈਗਲ-1 ਸਲਾਹਕਾਰ ਅਤੇ ਹੋਰ ਉਪਨਾਮਾਂ ਨਾਲ ਕੰਮ ਕਰਨ ਦਾ ਦੋਸ਼ ਲਾਇਆ ਸੀ, ਜਿਸ ਨੇ ਲੋਕਾਂ ਨਾਲ 1 ਕਰੋੜ 78 ਲੱਖ 82 ਹਜ਼ਾਰ 628 ਰੁਪਏ ਦੀ ਧੋਖਾਧੜੀ ਕੀਤੀ ਸੀ। ਜਾਂਚ ਤੋਂ ਪਤਾ ਲੱਗਿਆ ਕਿ ਸਿਰਫ 2,02,000 ਰੁਪਏ ਦੇ ਲੈਣ-ਦੇਣ ਸ਼ਿਕਾਇਤਕਰਤਾ ਨਾਲ ਸਬੰਧਤ ਸਨ, ਬਾਕੀ ਦਾ ਕੋਈ ਸਬੰਧ ਨਹੀਂ ਸੀ।
ਜਾਂਚ ਦੌਰਾਨ ਗੁਰਿੰਦਰ ਸਿੰਘ ਨੇ ਇਮੀਗ੍ਰੇਸ਼ਨ ਕਾਰੋਬਾਰ ਚਲਾਉਣ ਅਤੇ ਕਈ ਵਿਅਕਤੀਆਂ ਨੂੰ ਵੱਖ-ਵੱਖ ਦੇਸ਼ਾਂ ਦਾ ਵੀਜ਼ਾ ਦੇਣ ਦਾ ਝਾਂਸਾ ਦੇ ਕੇ ਧੋਖਾ ਦੇਣ ਦੀ ਗੱਲ ਕਬੂਲ ਕੀਤੀ। ਉਸ ਨੇ ਪ੍ਰਗਟਾਵਾ ਕੀਤਾ ਕਿ ਉਸ ਨੇ ਧੋਖਾਧੜੀ ਨਾਲ ਪ੍ਰਾਪਤ ਕੀਤੇ ਪੈਸੇ ਦੀ ਵਰਤੋਂ ਕਰ ਕੇ ਪੰਜਾਬ ’ਚ ਕਈ ਜਾਇਦਾਦਾਂ ਖਰੀਦੀਆਂ ਸਨ। ਉਸ ਦੀ ਰਿਹਾਇਸ਼ ਤੋਂ ਦੋ ਲਗਜ਼ਰੀ ਗੱਡੀਆਂ, ਇਕ ਬੀ.ਐਮ.ਡਬਲਯੂ. ਅਤੇ ਇਕ ਥਾਰ ਵੀ ਜ਼ਬਤ ਕੀਤੀ ਗਈ ਹੈ।
ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਅਗਲੇਰੀ ਜਾਂਚ ਲਈ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ ਹੈ। ਪੁਲਿਸ ਜਾਅਲੀ ਤਰੀਕਿਆਂ ਨਾਲ ਹਾਸਲ ਕੀਤੇ ਵਾਧੂ ਇਲੈਕਟ੍ਰਾਨਿਕ ਉਪਕਰਣਾਂ, ਦਸਤਾਵੇਜ਼ਾਂ ਅਤੇ ਜਾਇਦਾਦਾਂ ਨੂੰ ਬਰਾਮਦ ਕਰਨ ਲਈ ਕੰਮ ਕਰ ਰਹੀ ਹੈ।