ਕਿਹਾ : ਜਦੋਂ ਤੱਕ ਸੈਨੇਟ ਚੋਣਾਂ ਦਾ ਐਲਾਨ ਨਹੀਂ ਹੁੰਦਾ ਉਹ ਯੂਨੀਵਰਸਿਟੀ ਗਤੀਵਿਧੀਆਂ ’ਚ ਨਹੀਂ ਹੋਣਗੇ ਸ਼ਾਮਲ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਚਲਦਿਆਂ ਵਿਦਿਆਰਥੀਆਂ ਨੇ ਆਉਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀ ਆਗੂਆਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਵਿਦਿਆਰਥੀ ਸੈਨੇਟ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋਣ ਤੱਕ ਉਹ ਕਿਸੇ ਵੀ ਯੂਨੀਵਰਸਿਟੀ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈਣਗੇ। ਵਿਦਿਆਰਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਅਣਗੌਲਿਆ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵੱਲੋਂ 18 ਨਵੰਬਰ 2025 ਤੋਂ ਵੱਖ-ਵੱਖ ਵਿਭਾਗਾਂ ਲਈ ਸਮੈਸਟਰ-ਵਾਰ ਪ੍ਰੀਖਿਆਵਾਂ ਕਰਵਾਉਣ ਦਾ ਪ੍ਰੋਗਰਾਮ ਹੈ। ਕਈ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਸਬੰਧੀ ਡੇਟਸ਼ੀਟਾਂ ਮਿਲ ਗਈਆਂ ਹਨ। ਇਸ ਮਹੀਨੇ ਦੇ ਅੰਤ ’ਚ ਜ਼ਿਆਦਾਤਰ ਵਿਭਾਗਾਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣੀਆਂ ਹਨ। ਇਸ ਦੇ ਲਈ 20 ਨਵੰਬਰ ਨੂੰ ਮੋਰਚੇ ’ਚ ਸ਼ਾਮਲ ਵੱਖ-ਵੱਖ ਵਿਦਿਆਰਥੀ ਯੂਨੀਅਨ ਆਗੂਆਂ ਦੀ ਬੈਠਕ ਵੀ ਬੁਲਾਈ ਗਈ ਹੈ।
ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਹੁੰਚਿਆ ਸੀ। ਸਾਬਕਾ ਸੈਨੇਟਰ ਹਰਪ੍ਰੀਤ ਸਿੰਘ ਦੁਆ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪਟੀਸ਼ਨ ਕਰਤਾ ਸਮੇਤ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਫਟਕਾਰ ਲਗਾਈ ਸੀ।
ਕੋਰਟ ਨੇ ਮਾਮਲੇ ’ਤੇ ਸਖਤ ਟਿੱਪਣੀ ਵੀ ਕੀਤੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਸਿੱਖਿਆ ਪ੍ਰਬੰਧਾਂ ਦਾ ਚੋਣਾਂ ਲਈ ਬਲੀਦਾਨ ਨਹੀਂ ਦਿੱਤਾ ਜਾ ਸਕਦਾ। ਵਿਦਿਆਰਥੀਆਂ ਨੂੰ ਪਹਿਲਾਂ 7 ਦਿਨ ਪੜ੍ਹਾਈ ਕਰਨੀ ਚਾਹੀਦੀ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਦੀ ਪ੍ਰਧਾਨਗੀ ਵਾਲੀ ਬੈਂਚ ਵੱਲੋਂ ਮਾਮਲੇ ’ਤੇ ਸੁਣਵਾਈ ਕੀਤੀ ਗਈ।
ਮਾਮਲੇ ’ਚ ਚੀਫ਼ ਜਸਟਿਸ ਨੇ ਕਿਹਾ ਸੀ ਕਿ ਅਸੀਂ ਸਿੱਖਿਆ ਸੰਸਥਾ ਦੀ ਗੱਲ ਕਰ ਰਹੇ ਹਾਂ ਜਾਂ ਰਾਜਨੀਤਿਕ ਸੰਸਥਾ ਦੀ? ਕੋਰਟ ਨੇ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਸਿੱਖਿਆ ਦੇਣਾ ਹੈ ਅਤੇ ਇਹ ਮਕਸਦ ਹੌਲੀ-ਹੌਲੀ ਪਿਛੇ ਜਾਂਦਾ ਦਿਖਾਈ ਦੇ ਰਿਹਾ ਹੈ।
