
Punjab and Haryana High Court News : ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਮੁਲਜ਼ਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਦੇ ਹੋਏ ਅਦਾਲਤ ਦੀ ਸਖ਼ਤ ਟਿੱਪਣੀ
Punjab and Haryana Court News in Punjabi : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਹੋ ਰਹੀ ਗੈਰ-ਕਾਨੂੰਨੀ ਰੇਤ ਮਾਈਨਿੰਗ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇਸਨੂੰ "ਬੇਕਾਬੂ ਮਾਈਨਿੰਗ ਗਤੀਵਿਧੀਆਂ" ਕਰਾਰ ਦਿੰਦੇ ਹੋਏ, ਅਦਾਲਤ ਨੇ ਕਿਹਾ ਕਿ ਰਾਜ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ’ਚ ਅਸਫ਼ਲ ਰਹੀ ਹੈ। ਜਸਟਿਸ ਸੰਦੀਪ ਮੌਦਗਿਲ ਨੇ ਇਹ ਟਿੱਪਣੀ ਇੱਕ ਕੇਸ ਦੀ ਸੁਣਵਾਈ ਦੌਰਾਨ ਕੀਤੀ। ਜਿਸ ’ਚ ਮੋਗਾ ਜ਼ਿਲ੍ਹੇ ਦੇ ਇੱਕ ਵਿਅਕਤੀ ਬਾਰੇ ਦੱਸਿਆ ਗਿਆ ਸੀ ਜੋ ਗੈਰ-ਕਾਨੂੰਨੀ ਰੇਤ ਮਾਈਨਿੰਗ ਤੋਂ ਰੋਜ਼ਾਨਾ 1.5 ਤੋਂ 2 ਲੱਖ ਰੁਪਏ ਕਮਾ ਰਿਹਾ ਸੀ।
ਅਦਾਲਤ ਨੇ ਰਾਜ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਹੀ ਹੈ ਬਲਕਿ ਰਾਜ ਦੀ ਸੁਰੱਖਿਆ ਲਈ ਵੀ ਖ਼ਤਰਾ ਪੈਦਾ ਕਰ ਸਕਦੀ ਹੈ। ਜਸਟਿਸ ਮੌਦਗਿਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਇੱਕ ਬਹੁ-ਕਰੋੜੀ ਉਦਯੋਗ ਬਣ ਗਿਆ ਹੈ, ਜੋ ਦਰਿਆਵਾਂ ਦੇ ਕੁਦਰਤੀ ਵਹਾਅ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਹੜ੍ਹਾਂ ਵਰਗੀਆਂ ਕੁਦਰਤੀ ਆਫ਼ਤਾਂ ਦਾ ਕਾਰਨ ਬਣ ਸਕਦਾ ਹੈ।
ਅਦਾਲਤ ਨੇ ਨੋਟ ਕੀਤਾ ਕਿ ਹਾਲ ਹੀ ’ਚ ਜਲੰਧਰ ਦਿਹਾਤੀ ਪੁਲਿਸ ਨੇ ਮੋਗਾ ਤੋਂ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਨੂੰ ਬੰਦੂਕ ਦੀ ਨੋਕ 'ਤੇ ਧਮਕਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਇਹ ਘਟਨਾ ਸਾਫ਼ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਇਸ ਗੈਰ-ਕਾਨੂੰਨੀ ਵਪਾਰ ਨੂੰ ਰੋਕਣ ਵਿੱਚ ਅਸਫ਼ਲ ਰਹੀ ਹੈ।
ਮਾਮਲੇ ਦੇ ਮੁਲਜ਼ਮ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਉਸ ਵਿਰੁੱਧ 19 ਅਗਸਤ, 2023 ਨੂੰ ਮੋਹਾਲੀ ਜ਼ਿਲ੍ਹੇ ਦੇ ਮੁੱਲਾਂਪੁਰ ਪੁਲਿਸ ਸਟੇਸ਼ਨ ’ਚ ਭਾਰਤੀ ਦੰਡ ਵਿਧਾਨ ਅਤੇ ਖਾਣਾਂ ਅਤੇ ਖਣਿਜ (ਵਿਕਾਸ ਅਤੇ ਨਿਯਮਨ) ਐਕਟ, 1957 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਰਾਜ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੇ ਕੰਮ ’ਚ ਰੁਕਾਵਟ ਪਾਈ ਸੀ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਸਨ। ਇਸ ਤੋਂ ਇਲਾਵਾ, ਉਸ ਦੇ ਕਬਜ਼ੇ ਵਿੱਚੋਂ ਟਰੈਕਟਰ-ਟਰਾਲੀ ਅਤੇ ਚੋਰੀ ਹੋਈ ਰੇਤ ਅਜੇ ਤੱਕ ਬਰਾਮਦ ਨਹੀਂ ਹੋਈ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਅਦਾਲਤ ਨੇ ਕਿਹਾ ਕਿ ਮੁਲਜ਼ਮਾਂ ਦੀ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੈ ਤਾਂ ਜੋ ਪੰਜਾਬ ’ਚ ਚੱਲ ਰਹੀਆਂ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਬਾਰੇ ਪੂਰੀ ਸੱਚਾਈ ਸਾਹਮਣੇ ਆ ਸਕੇ। ਵਾਤਾਵਰਣ ਸੁਰੱਖਿਆ ਅਤੇ ਅਪਰਾਧ ਦੀ ਗੰਭੀਰਤਾ ਨੂੰ ਧਿਆਨ ’ਚ ਰੱਖਦੇ ਹੋਏ, ਅਦਾਲਤ ਨੇ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।
(For more news apart from Mining activities are in full swing in Punjab, government is unable deal with this problem News News in Punjabi, stay tuned to Rozana Spokesman)