ਮੇਅਰ ਲਈ ‘ਆਪ’ ਅਤੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਕਾਂਗਰਸ
ਚੰਡੀਗੜ੍ਹ : ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਵਾਰ ਚੰਡੀਗੜ੍ਹ ਨਗਰ ਨਿਗਮ ਮੇਅਰ ਦੀਆਂ ਚੋਣਾਂ ਇਕੱਠੀਆਂ ਲੜਨਗੀਆਂ। ਦੋਵਾਂ ਪਾਰਟੀਆਂ ਦੇ ਆਗੂ ਇਸ ਬਾਰੇ ਚਰਚਾ ਕਰਨ ਲਈ ਪਹਿਲਾਂ ਹੀ ਮਿਲ ਚੁੱਕੇ ਹਨ। ਗਠਜੋੜ ਦੇ ਹਿੱਸੇ ਵਜੋਂ ਆਮ ਆਦਮੀ ਪਾਰਟੀ ਮੇਅਰ ਦੇ ਅਹੁਦੇ ਲਈ ਚੋਣ ਲੜੇਗੀ, ਜਦੋਂ ਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਅਪਣੇ ਉਮੀਦਵਾਰ ਖੜ੍ਹੇ ਕਰੇਗੀ। ਇਹ ਜਾਣਕਾਰੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਨੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੇ ਨਾਲ ਦਿਤੀ। ਐਚ.ਐਸ. ਲੱਕੀ ਨੇ ਅਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਸ ਗਠਜੋੜ ਦੀ ਸਥਿਤੀ ਸਪਸ਼ਟ ਕੀਤੀ। ਉਨ੍ਹਾਂ ਦੱਸਿਆ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਉਨ੍ਹਾਂ ਦੇ ਨਿਵਾਸ ’ਤੇ ਕਾਂਗਰਸ ਕੌਂਸਲਰਾਂ ਦੀ ਮੀਟਿੰਗ ਬੁਲਾਈ ਗਈ ਹੈ।
ਉਮੀਦ ਹੈ ਕਿ ਦੋਵਾਂ ਅਹੁਦਿਆਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਦੇਰ ਰਾਤ ਤੱਕ ਅੰਤਿਮ ਰੂਪ ਦੇ ਦਿਤਾ ਜਾਵੇਗਾ। ਹਾਲਾਂਕਿ, ਨਾਮਜ਼ਦਗੀ ਪ੍ਰਕਿਰਿਆ ਤੋਂ ਠੀਕ ਪਹਿਲਾਂ 22 ਜਨਵਰੀ ਨੂੰ ਅਧਿਕਾਰਤ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਕੁਝ ਮਤਭੇਦ ਸਾਹਮਣੇ ਆਏ ਸਨ, ਜਿਸ ਕਾਰਨ ਗਠਜੋੜ ਬਾਰੇ ਕਿਆਸ ਅਰਾਈਆਂ ਤੇਜ਼ ਹੋ ਗਈਆਂ ਸਨ।
