ਔਰਤਾਂ ਨੂੰ 1100 ਰੁਪਏ ਦਿੱਤੇ ਜਾਣ ਦੀ ਕੀਤੀ ਮੰਗ, ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਕੀਤੇ ਪ੍ਰਬੰਧ
ਚੰਡੀਗੜ੍ਹ : ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦੀ ਗਰੰਟੀ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ’ਚ ਭਾਜਪਾ ਮਹਿਲਾ ਮੋਰਚਾ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਦਾ ਘਿਰਾਓ ਵੀ ਕਰਨਗੇ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 37 ਸਥਿਤ ਭਾਜਪਾ ਦਫ਼ਤਰ ਦੇ ਬਾਹਰ ਬੈਰੀਕੇਡ ਲਗਾ ਦਿੱਤੀ ਹੈ । ਜਦਕਿ ਗ੍ਰਿਫ਼ਤਾਰੀਆਂ ਲਈ ਬੱਸਾਂ ਵੀ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪਾਣੀ ਦੀਆਂ ਬੌਛਾੜਾਂ ਮਾਰਨ ਵਾਲੇ ਵਾਹਨਾਂ ਨੂੰ ਖੜ੍ਹਾ ਕਰ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਵੱਲੋਂ ਕੀਤੀ ਜਾ ਰਹੀ ਹੈ।
ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਅਗਲੇ ਸਾਲ ਤੋਂ 1100 ਰੁਪਏ ਦੇਣ ਦੀ ਗੱਲ ਕਰ ਰਹੀ ਹੈ। ਇਸ ਤੋਂ ਪਹਿਲਾਂ ਜੋ ਪੈਸਾ ਔਰਤਾਂ ਨੂੰ ਨਹੀਂ ਮਿਲਿਆ, ਉਸ ਦਾ ਕੀ ਬਣਿਆ, ਇਸ ਸਬੰਧੀ ਵੀ ਸਰਕਾਰ ਦੱਸੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ 1,100 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਅਜੇ ਤੱਕ ਲਾਗੂ ਨਹੀਂ ਹੋਇਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਨੂੰ 2026 ਦੇ ਬਜਟ ਤੋਂ ਬਾਅਦ ਲਾਗੂ ਕੀਤਾ ਜਾਵੇਗਾ।
