
Punjab School News : ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਕੀਤੀ ਹਦਾਇਤ
Punjab School News in punjabi : ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਗਰਮੀਆਂ ਅਤੇ ਸਰਦੀਆਂ ਦੇ ਮੌਸਮ ’ਚ ਸਕੂਲ ਖੋਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰ ਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ।
ਹਾਲ ਹੀ ’ਚ ਕਈ ਥਾਵਾਂ ‘ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਖਤਰੇ ‘ਚ ਹੈ। ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ।
ਇਸ ਸਬੰਧੀ ਕਮਿਸ਼ਨ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
(For more news apart from In view fog and cold, strict orders have been issued regarding schools of Punjab News in Punjabi, stay tuned to Rozana Spokesman)