
Chandigarh News: ਸਵੇਰੇ 11 ਵਜੇ ਸ਼ੁਰੂ ਹੋਵੇਗਾ ਮੇਅਰ ਦੀ ਚੋਣ ਦਾ ਅਮਲ
Chandigarh new mayor news in punjabi : ਚੰਡੀਗੜ੍ਹ (ਨਵਿੰਦਰ ਸਿੰਘ ਬੜਿੰਗ): ਅੱਜ ਚੰਡੀਗੜ੍ਹ ਨਗਰ ਨਿਗਮ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਮਿਲੇਗਾ। ਚੰਡੀਗੜ੍ਹ ਨਗਰ ਨਿਗਮ ਦੇ ਅਸੰਬਲੀ ਹਾਲ ਵਿਚ ਅੱਜ ਸਵੇਰੇ 11 ਵਜੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਕੌਂਸਲਰਾਂ ਵਲੋਂ ਬੈਲਟ ਪੇਪਰ ਰਾਹੀਂ ਵੋਟਾਂ ਪਾਈਆਂ ਜਾਣਗੀਆਂ। ਨਾਮਜ਼ਦ ਕੌਂਸਲਰ ਡਾ. ਰਮਣੀਕ ਸਿੰਘ ਬੇਦੀ ਨੂੰ ਇਨ੍ਹਾਂ ਚੋਣਾਂ ਲਈ ਡਿਪਟੀ ਕਮਿਸ਼ਨਰ ਚੰਡੀਗੜ੍ਹ ਨਿਸ਼ਾਂਤ ਕੁਮਾਰ ਯਾਦਵ ਵਲੋਂ ਪ੍ਰਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸੁਪਰੀਮ ਕੋਰਟ ਦੁਆਰਾ ਨਿਯੁਕਤ ਕੀਤੇ ਨਿਗਰਾਨ ਸਾਬਕਾ ਜਸਟਿਸ ਜੈ ਸ੍ਰੀ ਠਾਕੁਰ ਦੀ ਦੇਖ-ਰੇਖ ਹੇਠ ਹੋਣਗੀਆਂ।
ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਵਲੋਂ ਪ੍ਰੇਮ ਲਤਾ ਅਤੇ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਨੂੰ ਮੇਅਰ ਦੀ ਚੋਣ ਲਈ ਅਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਹੋਈਆਂ ਮੇਅਰ ਦੀਆਂ ਚੋਣਾਂ ਵਿਚ ਨਾਮਜ਼ਦ ਕੌਂਸਲਰ ਅਨਿਲ ਮਸੀਹ ਵਲੋਂ ਬੈਲਟ ਪੇਪਰਾਂ ’ਤੇ ਨਿਸ਼ਾਨ ਲਗਾ ਕੇ ਉਨ੍ਹਾਂ ਨੂੰ ਜਾਣ-ਬੁੱਝ ਕੇ ਰੱਦ ਕਰ ਕੇ ਭਾਜਪਾ ਦਾ ਮੇਅਰ ਬਣਾਇਆ ਗਿਆ ਸੀ। ਮਾਮਲਾ ਸੁਪਰੀਮ ਕੋਰਟ ਤਕ ਪਹੁੰਚ ਗਿਆ ਸੀ।
ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਡੀ.ਵਾਈ ਚੰਦਰ ਚੂੜ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕੁਲਦੀਪ ਕੁਮਾਰ ਨੂੰ ਨਗਰ ਨਿਗਮ ਦਾ ਮੇਅਰ ਬਣਾਇਆ ਸੀ। ਇਸ ਵਾਰ ਵੀ ਚੋਣਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਧਾਂਦਲੀ ਨਾ ਹੋਵੇ। ਜਿਸ ਕਰ ਕੇ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਨ੍ਹਾਂ ਚੋਣਾਂ ਲਈ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਚੋਣ ਵਿਚ ਹਿੱਸਾ ਲੈਣ ਲਈ ਚੰਡੀਗੜ੍ਹ ਨਗਰ ਨਿਗਮ ਨੇ ਬਕਾਇਦਾ ਤੌਰ ’ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਨਗਰ ਨਿਗਮ ਦੇ ਸਮੂਹ ਕੌਂਸਲਰਾਂ ਨੂੰ ਇਸ ਸਬੰਧੀ ਸੱਦਾ ਪੱਤਰ ਭੇਜ ਦਿਤਾ ਹੈ।