ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਪੰਚਕੂਲਾ ’ਚ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ
Haryana govt formation : ਹਰਿਆਣਾ ਦੀ ਨਵੀਂ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦਾ ਸਹੁੰ ਚੁੱਕ ਸਮਾਰੋਹ 15 ਅਕਤੂਬਰ ਨੂੰ ਪੰਚਕੂਲਾ ’ਚ ਹੋਣ ਦੀ ਸੰਭਾਵਨਾ ਹੈ। ਇਕ ਸੀਨੀਅਰ ਅਧਿਕਾਰੀ ਨੇ ਸ਼ੁਕਰਵਾਰ ਨੂੰ ਦਸਿਆ ਕਿ ਪੰਚਕੂਲਾ ’ਚ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅਧਿਕਾਰੀ ਨੇ ਦਸਿਆ ਕਿ ਸਹੁੰ ਚੁੱਕ ਸਮਾਰੋਹ ਦੀ ਸੰਭਾਵਤ ਤਰੀਕ 15 ਅਕਤੂਬਰ ਹੈ। ਪੰਚਕੂਲਾ ਦੇ ਡਿਪਟੀ ਕਮਿਸ਼ਨਰ ਡਾਕਟਰ ਯਸ਼ ਗਰਗ ਨੇ ਫੋਨ ’ਤੇ ਦਸਿਆ, ‘‘ਅਸੀਂ ਸਮਾਗਮ ਲਈ ਸਥਾਨ ਤਿਆਰ ਕਰ ਰਹੇ ਹਾਂ।’’
ਹਰਿਆਣਾ ’ਚ ਨਵੀਂ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਇਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਭਾਜਪਾ ਨੇ ਚੋਣਾਂ ਦੌਰਾਨ ਸੰਕੇਤ ਦਿਤਾ ਸੀ ਕਿ ਜੇ ਪਾਰਟੀ ਹਰਿਆਣਾ ’ਚ ਜਿੱਤਦੀ ਹੈ ਤਾਂ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਅਹੁਦੇ ਲਈ ਉਸ ਦੀ ਪਸੰਦ ਹੋਣਗੇ। ਹੋਰ ਪੱਛੜੇ ਵਰਗ ਨਾਲ ਸਬੰਧਤ ਸੈਣੀ ਮਾਰਚ ’ਚ ਮਨੋਹਰ ਲਾਲ ਖੱਟਰ ਦੀ ਥਾਂ ਮੁੱਖ ਮੰਤਰੀ ਬਣੇ ਸਨ।
ਸੂਤਰਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਭਾਜਪਾ ਦੇ ਚੋਟੀ ਦੇ ਨੇਤਾਵਾਂ ਦੇ ਸਹੁੰ ਚੁੱਕ ਸਮਾਰੋਹ ’ਚ ਸ਼ਾਮਲ ਹੋਣ ਦੀ ਉਮੀਦ ਹੈ।
ਦੱਸ ਦੇਈਏ ਕਿ 90 ਮੈਂਬਰੀ ਹਰਿਆਣਾ ਵਿਧਾਨ ਸਭਾ ’ਚ ਭਾਜਪਾ ਨੇ 48 ਸੀਟਾਂ ਜਿੱਤੀਆਂ ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ।