
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੌਰੇ ‘ਤੇ ਆਉਣ ਦੀ ਤਿਆਰੀ ਕਰ ਰਹੇ ਹਨ। ਇਕ ਅਧਿਕਾਰਤ ਘੋਸ਼ਣਾ ਵਿੱਚ ਕਿਹਾ ਗਿਆ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 17 ਫਰਵਰੀ ਤੋਂ 23 ਫਰਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਜਾਣਗੇ ਅਤੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਉਹ ਅੰਮ੍ਰਿਤਸਰ ਦੇ ਨਾਲ ਨਾਲ ਕਈ ਹੋਰ ਸ਼ਹਿਰਾਂ ਦਾ ਵੀ ਦੌਰਾ ਕਰਨਗੇ ਅਜਿਹਾ ਕਰਨ ਵਾਲੇ ਉਹ ਤੀਸਰੇ ਕੈਨੇਡੀਅਨ ਪ੍ਰਧਾਨ ਮੰਤਰੀ ਹੋਣਗੇ। ਇਸ ਤੋਂ ਇਲਾਵਾ ਉਹ ਤਾਜ ਮਹੱਲ, ਜਾਮਾ ਮਸਜਿਦ ਅਤੇ ਦਿੱਲੀ ਵਿਖੇ ਸਵਾਮੀ ਨਾਰਾਇਣ ਅਕਸ਼ਰਧਾਮ ਮੰਦਰ 'ਚ ਵੀ ਜਾਣਗੇ।
17 ਫਰਵਰੀ ਤੋਂ 23 ਫਰਵਰੀ ਤਕ ਟਰੂਡੋ ਭਾਰਤ ਦੀ ਸੈਰ ਕਰਨਗੇ ਅਤੇ ਕਈ ਖਾਸ ਮੁੱਦਿਆਂ 'ਤੇ ਬੈਠਕ ਕਰਨਗੇ। ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਗੂੜੇ ਹਨ ਤੇ ਇਨ੍ਹਾਂ ਰਿਸ਼ਤਿਆਂ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਟਰੂਡੋ ਭਾਰਤ ਦਾ ਦੌਰਾ ਕਰ ਰਹੇ ਹਨ। ਇਕ ਮਿਲੀਅਨ ਤੋਂ ਵਧੇਰੇ ਭਾਰਤੀ ਮੂਲ ਦੇ ਕੈਨੇਡੀਅਨ ਇਨ੍ਹਾਂ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਮਿਸਾਲ ਹਨ।
ਟਰੂਡੋ ਨੇ ਇਕ ਬਿਆਨ 'ਚ ਕਿਹਾ ਕਿ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਤਾਂ ਕਿ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਦਿੱਤੀ ਜਾਵੇ। ਸਾਡੇ ਦੋਹਾਂ ਦੇਸ਼ਾਂ 'ਚ ਬਹੁਤ ਸਾਰੀਆਂ ਚੀਜ਼ਾਂ ਇਕੋ ਜਿਹੀਆਂ ਹਨ, ਇੱਥੋਂ ਤਕ ਕਿ ਕਾਨੂੰਨ 'ਚ ਵੀ ਬਹੁਤ ਸਾਰੀਆਂ ਸਮਾਨਤਾਵਾਂ ਹਨ।
ਫਿਲਹਾਲ ਟਰੂਡੋ ਅਤੇ ਪ੍ਰਧਾਨ ਮੰਤਰੀ ਮੋਦੀ ਸਵਿਟਜ਼ਰਲੈਂਡ 'ਚ ਹਨ, ਜਿੱਥੇ ਇਨ੍ਹਾਂ ਦੋਹਾਂ ਨੇਤਾਵਾਂ ਦੇ ਮਿਲਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਟਰੂਡੋ ਨੇ ਕਿਹਾ ਕਿ ਇਸ ਦੌਰੇ ਦੌਰਾਨ ਭਾਰਤੀ ਨੇਤਾਵਾਂ ਨਾਲ ਮੁਲਾਕਾਤ ਦੇ ਨਾਲ-ਨਾਲ ਉਹ ਵਪਾਰ ਸੰਬੰਧੀ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਹ ਔਰਤਾਂ ਅਤੇ ਕੁੜੀਆਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਨਗੇ।