
ਨਵੀਂ ਦਿੱਲੀ - ਰਾਸ਼ਟਰਪਤੀ ਭਵਨ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਮੋਦੀ ਅਤੇ ਟਰੂਡੋ ਬੈਠਕ 'ਚ ਨਿਊਕਲੀਅਰ ਡੀਲ, ਵਪਾਰ, ਸਿੱਖਿਆ ਅਤੇ ਕਈ ਹੋਰ ਮਸਲਿਆਂ 'ਤੇ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ 17 ਫਰਵਰੀ ਨੂੰ ਭਾਰਤ ਦੌਰੇ 'ਤੇ ਪੁੱਜੇ ਸਨ।
ਇਸ ਦੌਰਾਨ ਉਨ੍ਹਾਂ ਨੇ ਕਈ ਸਥਾਨਾਂ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਉਹ ਅੰਮ੍ਰਿਤਸਰ 21 ਫਰਵਰੀ ਨੂੰ ਪੁੱਜੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤਾਜ ਹੋਟਲ 'ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਪਹਿਲਾਂ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਿਆ ਸੀ।