
ਸਰਕਾਰ ਕਿਸਾਨ ਅੰਦੋਲਨ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇਗੀ : ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ
ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁਧਵਾਰ ਨੂੰ ਕਿਹਾ ਹੈ ਕਿ ਸਰਕਾਰ ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਕਰੇਗੀ ਅਤੇ ਉਸ ਅਨੁਸਾਰ ਕਦਮ ਚੁੱਕੇਗੀ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨਗੇ, ਖੇਤੀਬਾੜੀ ਮੰਤਰੀ ਨੇ ਕਿਹਾ, ‘‘ਸੁਪਰੀਮ ਕੋਰਟ ਵਲੋਂ ਦਿਤੇ ਗਏ ਫੈਸਲੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।’’
ਇਸ ਪਾਸੇ ਜਿਥੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ, ਉਥੇ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਸੰਸਥਾਵਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰਾ ਕਰਦੇ ਹਨ।
ਮੰਤਰੀ ਦੀ ਇਹ ਟਿਪਣੀ ਅਜਿਹੇ ਸਮੇਂ ਆਈ ਹੈ ਜਦੋਂ ਸੁਪਰੀਮ ਕੋਰਟ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ’ਚ ਭਰਤੀ ਕਰਵਾਉਣ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਪੰਜਾਬ ਸਰਕਾਰ ਵਿਰੁਧ ਮਾਨਹਾਨੀ ਦੀ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਜਾ ਰਹੀ ਹੈ।
ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਬਾਰਡਰ ’ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ ਤਾਂ ਜੋ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ’ਤੇ ਦਬਾਅ ਪਾਇਆ ਜਾ ਸਕੇ, ਜਿਸ ’ਚ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਵੀ ਸ਼ਾਮਲ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ 13 ਫ਼ਰਵਰੀ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ । ਉਸ ਸਮੇਂ ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਦਿੱਲੀ ਵਲ ਮਾਰਚ ਨੂੰ ਰੋਕ ਦਿਤਾ ਸੀ। ਸੁਪਰੀਮ ਕੋਰਟ ਨੇ 28 ਦਸੰਬਰ ਨੂੰ ਡੱਲੇਵਾਲ ਨੂੰ ਹਸਪਤਾਲ ਨਾ ਲਿਜਾਣ ਲਈ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਸੀ ਅਤੇ 70 ਸਾਲ ਦੇ ਕਿਸਾਨ ਆਗੂ ਲਈ ਡਾਕਟਰੀ ਸਹਾਇਤਾ ਦਾ ਵਿਰੋਧ ਕਰਨ ਦੇ ਅੰਦੋਲਨਕਾਰੀ ਕਿਸਾਨਾਂ ਦੇ ਇਰਾਦੇ ’ਤੇ ਸ਼ੱਕ ਜ਼ਾਹਰ ਕੀਤਾ ਸੀ।
ਪੰਜਾਬ ਸਰਕਾਰ ਨੇ 31 ਦਸੰਬਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਸੀ ਕਿ ਡੱਲੇਵਾਲ ਡਾਕਟਰੀ ਸਹਾਇਤਾ ਮਨਜ਼ੂਰ ਕਰਨ ਲਈ ਸਹਿਮਤ ਹੋ ਗਏ ਹਨ, ਬਸ਼ਰਤੇ ਕੇਂਦਰ ਗੱਲਬਾਤ ਕਰਨ ਦੀ ਉਨ੍ਹਾਂ ਦੀ ਪੇਸ਼ਕਸ਼ ਨੂੰ ਮਨਜ਼ੂਰ ਕਰੇ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਵੇਂ ਸਾਲ ਦੇ ਪਹਿਲੇ ਦਿਨ ਬੁਧਵਾਰ ਨੂੰ ਅਪਣੇ ਮੰਤਰਾਲੇ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ 31 ਮਾਰਚ ਤਕ ਖੇਤੀਬਾੜੀ ਖੇਤਰ ਲਈ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕੇਂਦਰਿਤ ਟੀਚੇ ਨਿਰਧਾਰਤ ਕੀਤੇ।
ਚਾਲੂ ਵਿੱਤੀ ਸਾਲ ’ਚ ਖੇਤੀਬਾੜੀ ਖੇਤਰ ਦੀ ਵਿਕਾਸ ਦਰ 3.5 ਤੋਂ 4 ਫੀ ਸਦੀ ਰਹੇਗੀ : ਸ਼ਿਵਰਾਜ ਸਿੰਘ ਚੌਹਾਨ
ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁਧਵਾਰ ਨੂੰ ਕਿਹਾ ਕਿ ਚਾਲੂ ਵਿੱਤੀ ਸਾਲ 2024-25 ’ਚ ਦੇਸ਼ ਦੇ ਖੇਤੀਬਾੜੀ ਅਤੇ ਸਬੰਧਤ ਖੇਤਰ ਦੀ ਵਿਕਾਸ ਦਰ 3.5-4 ਫੀ ਸਦੀ ਰਹਿਣ ਦਾ ਅਨੁਮਾਨ ਹੈ। ਇਹ 2023-24 ’ਚ ਦਰਜ 1.4 ਫੀ ਸਦੀ ਦੇ ਵਾਧੇ ਨਾਲੋਂ ਮਹੱਤਵਪੂਰਨ ਸੁਧਾਰ ਹੋਵੇਗਾ। ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਅਪਣੇ ਨਵੇਂ ਸਾਲ ਦੇ ਸੰਦੇਸ਼ ਵਿਚ ਚੌਹਾਨ ਨੇ ਪਿਛਲੇ ਛੇ ਮਹੀਨਿਆਂ ਵਿਚ ਲਾਗੂ ਕੀਤੀਆਂ ਗਈਆਂ ਵੱਖ-ਵੱਖ ਪੇਂਡੂ ਭਲਾਈ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਦੇ ਵਿਕਾਸ ਦੇ ਰਾਹ ’ਤੇ ਭਰੋਸਾ ਜ਼ਾਹਰ ਕੀਤਾ।
ਉਨ੍ਹਾਂ ਕਿਹਾ ਕਿ ਨਵਾਂ ਸਾਲ ਚੰਗੀ ਖ਼ਬਰ ਲੈ ਕੇ ਆਇਆ ਹੈ ਕਿ ਇਸ ਸਾਲ ਖੇਤੀਬਾੜੀ ਅਤੇ ਸਬੰਧਤ ਖੇਤਰ ਦੀ ਵਿਕਾਸ ਦਰ 3.5 ਤੋਂ 4 ਫੀ ਸਦੀ ਰਹਿਣ ਦੀ ਸੰਭਾਵਨਾ ਹੈ। ਮੰਤਰੀ ਨੇ ਕਿਸਾਨਾਂ ਦੀ ਉਪਜ ਦਾ ਵਾਜਬ ਮੁੱਲ ਯਕੀਨੀ ਬਣਾਉਣ ਲਈ ਚੱਲ ਰਹੇ ਯਤਨਾਂ ’ਤੇ ਜ਼ੋਰ ਦਿਤਾ ਅਤੇ ਗਰੀਬਾਂ ਲਈ ਮਕਾਨ, ਪੇਂਡੂ ਸੜਕ ਸੰਪਰਕ, ਹੁਨਰ ਵਿਕਾਸ ਅਤੇ ਪੇਂਡੂ ਰੋਜ਼ੀ-ਰੋਟੀ ’ਚ ਸੁਧਾਰ ਸਮੇਤ ਕਈ ਪੇਂਡੂ ਵਿਕਾਸ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ’ਚ ਮਨਰੇਗਾ (ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ) ਦੀ ਭੂਮਿਕਾ ’ਤੇ ਵੀ ਚਾਨਣਾ ਪਾਇਆ।