
ਸੜਕਾਂ ’ਤੇ ਰੁਕਾਵਟਾਂ ਪੈਦਾ ਕਰਨ ਵਾਲਿਆਂ ਵਿਰੁਧ ਸਖਤ ਕਾਰਵਾਈ ਕਰਨ ਲਈ ਕਿਹਾ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਨਿਚਰਵਾਰ ਨੂੰ ਸੁਰੱਖਿਆ ਬਲਾਂ ਨੂੰ ਹੁਕਮ ਦਿਤੇ ਕਿ ਉਹ 8 ਮਾਰਚ ਤੋਂ ਮਨੀਪੁਰ ਦੀਆਂ ਸਾਰੀਆਂ ਸੜਕਾਂ ’ਤੇ ਲੋਕਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ।
ਗ੍ਰਹਿ ਮੰਤਰੀ ਨੇ ਮਨੀਪੁਰ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਸੜਕਾਂ ’ਤੇ ਰੁਕਾਵਟਾਂ ਪੈਦਾ ਕਰਨ ਵਾਲਿਆਂ ਵਿਰੁਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉੱਤਰ-ਪੂਰਬੀ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਣ ਤੋਂ ਬਾਅਦ ਇਹ ਪਹਿਲੀ ਅਜਿਹੀ ਮੀਟਿੰਗ ਹੈ। ਮਈ 2023 ਤੋਂ ਲੈ ਕੇ ਹੁਣ ਤਕ ਇੰਫਾਲ ਵਿਚ ਮੈਤੇਈ ਅਤੇ ਆਸ-ਪਾਸ ਦੀਆਂ ਪਹਾੜੀਆਂ ’ਤੇ ਵਸੇ ਕੁਕੀ-ਜੋ ਸਮੂਹਾਂ ਵਿਚਾਲੇ ਨਸਲੀ ਹਿੰਸਾ ਵਿਚ 250 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਬੇਘਰ ਹੋ ਗਏ ਹਨ।
ਸੂਤਰਾਂ ਨੇ ਕਿਹਾ, ‘‘ਗ੍ਰਹਿ ਮੰਤਰੀ ਨੇ ਮਨੀਪੁਰ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਸੂਬੇ ’ਚ ਅਮਨ-ਕਾਨੂੰਨ ਦੀ ਸਮੁੱਚੀ ਸਥਿਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ ਗਈ।’’ ਰਾਜਪਾਲ ਅਜੈ ਕੁਮਾਰ ਭੱਲਾ ਅਤੇ ਮਨੀਪੁਰ ਸਰਕਾਰ, ਫੌਜ ਅਤੇ ਅਰਧ ਸੈਨਿਕ ਬਲਾਂ ਦੇ ਉੱਚ ਅਧਿਕਾਰੀਆਂ ਨੇ ਮੀਟਿੰਗ ’ਚ ਹਿੱਸਾ ਲਿਆ। ਬੀਰੇਨ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁੱਝ ਦਿਨ ਬਾਅਦ ਉੱਤਰ-ਪੂਰਬੀ ਰਾਜ ’ਚ ਸਿਆਸੀ ਅਨਿਸ਼ਚਿਤਤਾ ਪੈਦਾ ਹੋ ਗਈ ਸੀ। ਕੇਂਦਰ ਨੇ 13 ਫ਼ਰਵਰੀ ਨੂੰ ਮਨੀਪੁਰ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿਤਾ ਸੀ।