
'ਮੋਦੀ ਨੇ ਕਿਹਾ ਕਿ ਬਜਟ ਤੋਂ ਪਹਿਲਾਂ ਸਾਰੇ ਹਿੱਸੇਦਾਰਾਂ ਤੋਂ ਪ੍ਰਾਪਤ ਜਾਣਕਾਰੀ ਅਤੇ ਸੁਝਾਵਾਂ ਨੇ ਇਸ ਦੀ ਤਿਆਰੀ ’ਚ ਸਹਾਇਤਾ ਕੀਤੀ।'
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਖੇਤੀਬਾੜੀ ਖੇਤਰ ਦੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਯੋਜਨਾਵਾਂ ਨੂੰ ਹੋਰ ਅਸਰਦਾਰ ਬਣਾਉਣ ਅਤੇ ਮੌਜੂਦਾ ਵਿੱਤੀ ਸਾਲ ਦੇ ਬਜਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ’ਚ ਤੇਜ਼ੀ ਲਿਆਉਣ ਦੇ ਤਰੀਕੇ ਸੁਝਾਉਣ।
ਵੀਡੀਉ ਕਾਨਫਰੰਸਿੰਗ ਰਾਹੀਂ ‘ਖੇਤੀਬਾੜੀ ਅਤੇ ਪੇਂਡੂ ਖੁਸ਼ਹਾਲੀ’ ਵਿਸ਼ੇ ’ਤੇ ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸਰਕਾਰ ਦੇ ਤੀਜੇ ਕਾਰਜਕਾਲ ਨੇ ਪੂਰਨ ਬਜਟ ਪੇਸ਼ ਕੀਤਾ ਹੈ, ਜਿਸ ਨੇ ਨੀਤੀ ’ਚ ਨਿਰੰਤਰਤਾ ਨੂੰ ਯਕੀਨੀ ਬਣਾਇਆ ਹੈ ਅਤੇ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਮੋਦੀ ਨੇ ਕਿਹਾ ਕਿ ਬਜਟ ਤੋਂ ਪਹਿਲਾਂ ਸਾਰੇ ਹਿੱਸੇਦਾਰਾਂ ਤੋਂ ਪ੍ਰਾਪਤ ਜਾਣਕਾਰੀ ਅਤੇ ਸੁਝਾਵਾਂ ਨੇ ਇਸ ਦੀ ਤਿਆਰੀ ’ਚ ਸਹਾਇਤਾ ਕੀਤੀ।
ਉਨ੍ਹਾਂ ਕਿਹਾ ਕਿ ਹੁਣ ਇਸ ਬਜਟ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਵਿਕਾਸ ਦਾ ਪਹਿਲਾ ਇੰਜਣ ਮੰਨਿਆ ਜਾਂਦਾ ਹੈ ਅਤੇ ਸਰਕਾਰ ਖੇਤੀਬਾੜੀ ਵਿਕਾਸ ਅਤੇ ਪੇਂਡੂ ਖੁਸ਼ਹਾਲੀ ਪ੍ਰਾਪਤ ਕਰਨ ਦੇ ਟੀਚੇ ਨਾਲ ਅੱਗੇ ਵਧ ਰਹੀ ਹੈ।
ਮੋਦੀ ਨੇ ਆਯਾਤ ’ਤੇ ਦੇਸ਼ ਦੀ ਨਿਰਭਰਤਾ ਨੂੰ ਘਟਾਉਣ ਲਈ ਦਾਲਾਂ ਦਾ ਉਤਪਾਦਨ ਵਧਾਉਣ ਦੀ ਜ਼ਰੂਰਤ ’ਤੇ ਜ਼ੋਰ ਦਿਤਾ ਅਤੇ ਨਿੱਜੀ ਖੇਤਰ ਨੂੰ ਉੱਚ ਝਾੜ ਦੇਣ ਵਾਲੇ ਫਸਲੀ ਬੀਜਾਂ ’ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ।
ਉਨ੍ਹਾਂ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਾਰੇ ਵਿਚਾਰ ਵਟਾਂਦਰੇ ਕਰਨ ਕਿ ਮੌਜੂਦਾ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਕਿਵੇਂ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੈਬੀਨਾਰ ’ਚ ਨਵਾਂ ਬਜਟ ਬਣਾਉਣ ’ਤੇ ਚਰਚਾ ਨਹੀਂ ਹੋਣੀ ਚਾਹੀਦੀ। ਬਜਟ ਤਿਆਰ ਹੈ ਅਤੇ ਸਾਡਾ ਧਿਆਨ ਕਾਰਵਾਈ ’ਤੇ ਹੋਣਾ ਚਾਹੀਦਾ ਹੈ। ਮੋਦੀ ਨੇ ਹਿੱਸੇਦਾਰਾਂ ਨੂੰ ਬਜਟ ਨੂੰ ਲਾਗੂ ਕਰਨ ’ਚ ‘‘ਰੁਕਾਵਟਾਂ ਅਤੇ ਕਮੀਆਂ’ ’ਤੇ ਧਿਆਨ ਕੇਂਦਰਤ ਕਰਨ ਲਈ ਕਿਹਾ।’