
ਦੇਸ਼ ਦੇ ਵਿਚਕਾਰਲੇ ਅਤੇ ਪਛਮੀ ਪ੍ਰਾਇਦੀਪੀ ਹਿੱਸਿਆਂ ’ਤੇ ਸੱਭ ਤੋਂ ਵੱਧ ਅਸਰ ਪੈਣ ਦੀ ਸੰਭਾਵਨਾ : ਆਈ.ਐਮ.ਡੀ.
ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਸੋਮਵਾਰ ਨੂੰ ਕਿਹਾ ਕਿ ਅਪ੍ਰੈਲ-ਜੂਨ ਦੀ ਮਿਆਦ ਦੌਰਾਨ ਭਾਰਤ ’ਚ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਹੈ ਅਤੇ ਮੱਧ ਅਤੇ ਪਛਮੀ ਪ੍ਰਾਇਦੀਪ ਸੱਭ ਤੋਂ ਵੱਧ ਪ੍ਰਭਾਵਤ ਹੋ ਸਕਦੇ ਹਨ।
ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੀ ਭਵਿੱਖਬਾਣੀ ਅਜਿਹੇ ਸਮੇਂ ਆਈ ਹੈ ਜਦੋਂ ਦੇਸ਼ ਸੱਤ ਪੜਾਵਾਂ ’ਚ ਹੋਣ ਵਾਲੀਆਂ ਆਮ ਚੋਣਾਂ ਦੀ ਤਿਆਰੀ ਕਰ ਰਿਹਾ ਹੈ। ਆਈ.ਐਮ.ਡੀ. ਦੇ ਡਾਇਰੈਕਟਰ ਜਨਰਲ ਮ੍ਰਿਤਊਂਜੈ ਮਹਾਪਾਤਰਾ ਨੇ ਕਿਹਾ ਕਿ ਅਪ੍ਰੈਲ-ਜੂਨ ਦੀ ਮਿਆਦ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਬਹੁਤ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ ਅਤੇ ਦੇਸ਼ ਦੇ ਵਿਚਕਾਰਲੇ ਅਤੇ ਪਛਮੀ ਪ੍ਰਾਇਦੀਪ ਜਾਂ ਸਮੁੰਦਰੀ ਕੰਢੇ ਨੇੜਲੇ ਇਲਾਕਿਆਂ ’ਚ ਇਸ ਦਾ ਸਭ ਤੋਂ ਬੁਰਾ ਅਸਰ ਪਵੇਗਾ।
ਉਨ੍ਹਾਂ ਕਿਹਾ ਕਿ ਪਛਮੀ ਹਿਮਾਲਿਆ, ਉੱਤਰ-ਪੂਰਬੀ ਸੂਬਿਆਂ ਅਤੇ ਉੱਤਰੀ ਓਡੀਸ਼ਾ ਦੇ ਕੁੱਝ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਮਹਾਪਾਤਰਾ ਮੁਤਾਬਕ ਇਸ ਸਮੇਂ ਦੌਰਾਨ ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ’ਚ ਆਮ ਨਾਲੋਂ ਗਰਮ ਹਵਾ ਚੱਲਣ ਦੀ ਸੰਭਾਵਨਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਗਰਮੀ ਦੀ ਸਥਿਤੀ ਆਮ ਚਾਰ ਤੋਂ ਅੱਠ ਦਿਨਾਂ ਦੇ ਮੁਕਾਬਲੇ 10 ਤੋਂ 20 ਦਿਨਾਂ ਤਕ ਰਹਿਣ ਦੀ ਸੰਭਾਵਨਾ ਹੈ।
ਆਈ.ਐਮ.ਡੀ. ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਗੁਜਰਾਤ, ਮੱਧ ਮਹਾਰਾਸ਼ਟਰ, ਉੱਤਰੀ ਕਰਨਾਟਕ, ਰਾਜਸਥਾਨ, ਮੱਧ ਪ੍ਰਦੇਸ਼, ਓਡੀਸ਼ਾ, ਉੱਤਰੀ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਲੂ ਨਾਲ ਸੱਭ ਤੋਂ ਵੱਧ ਪ੍ਰਭਾਵਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ’ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ ਅਤੇ ਮੱਧ ਦਖਣੀ ਭਾਰਤ ’ਚ ਇਸ ਦੀ ਵਧੇਰੇ ਸੰਭਾਵਨਾ ਹੈ।
ਮਹਾਪਾਤਰਾ ਨੇ ਕਿਹਾ ਕਿ ਅਪ੍ਰੈਲ ’ਚ ਪਛਮੀ ਹਿਮਾਲਿਆ ਖੇਤਰ ਅਤੇ ਉੱਤਰ-ਪੂਰਬੀ ਸੂਬਿਆਂ ਦੇ ਕੁੱਝ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਜਾਂ ਆਮ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੱਧ ਭਾਰਤ ਦੇ ਕਈ ਇਲਾਕਿਆਂ ਅਤੇ ਉੱਤਰੀ ਮੈਦਾਨੀ ਇਲਾਕਿਆਂ ਅਤੇ ਦਖਣੀ ਭਾਰਤ ਦੇ ਨਾਲ ਲਗਦੇ ਇਲਾਕਿਆਂ ’ਚ ਅਪ੍ਰੈਲ ਦੌਰਾਨ ਗਰਮੀ ਆਮ ਨਾਲੋਂ ਜ਼ਿਆਦਾ ਲੂ ਵਾਲੇ ਦਿਨ ਰਹਿਣ ਦੀ ਸੰਭਾਵਨਾ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਮੱਧ ਭਾਰਤ ਅਤੇ ਉੱਤਰੀ ਮੈਦਾਨੀ ਇਲਾਕਿਆਂ ਅਤੇ ਦਖਣੀ ਭਾਰਤ ਵਿਚ ਅਪ੍ਰੈਲ ਦੌਰਾਨ ਗਰਮੀ ਦੇ ਦਿਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਮਹਾਪਾਤਰਾ ਅਨੁਸਾਰ, ਇਨ੍ਹਾਂ ਖੇਤਰਾਂ ’ਚ ਆਮ ਤੌਰ ’ਤੇ ਇਕ ਤੋਂ ਤਿੰਨ ਦਿਨਾਂ ਦੀ ਤੁਲਨਾ ’ਚ ਦੋ ਤੋਂ ਅੱਠ ਦਿਨਾਂ ਤਕ ਲੂ ਚੱਲਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਗੁਜਰਾਤ, ਮਹਾਰਾਸ਼ਟਰ, ਉੱਤਰੀ ਕਰਨਾਟਕ, ਓਡੀਸ਼ਾ, ਪਛਮੀ ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਅਪ੍ਰੈਲ ’ਚ ਲੂ ਨਾਲ ਸੱਭ ਤੋਂ ਵੱਧ ਪ੍ਰਭਾਵਤ ਹੋਣ ਦੀ ਸੰਭਾਵਨਾ ਹੈ। ਆਈ.ਐਮ.ਡੀ. ਨੇ ਇਹ ਵੀ ਕਿਹਾ ਕਿ ਮੱਧ ਪ੍ਰਦੇਸ਼ ਨੂੰ ਛੱਡ ਕੇ ਕਣਕ ਉਗਾਉਣ ਵਾਲੇ ਸੂਬਿਆਂ ’ਚ 7 ਅਪ੍ਰੈਲ ਤਕ ਲੂ ਦੀ ਕੋਈ ਚੇਤਾਵਨੀ ਨਹੀਂ ਹੈ। ਭਾਰਤ ’ਚ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਦੇ ਵਿਚਕਾਰ ਸੱਤ ਪੜਾਵਾਂ ’ਚ ਹੋਣਗੀਆਂ।
ਜ਼ਿਆਦਾ ਗਰਮੀ ਨਾਲ ਕਣਕ ਦੀ ਫਸਲ ਪ੍ਰਭਾਵਤ ਹੋਣ ਦੀ ਸੰਭਾਵਨਾ ਨਹੀਂ : ਆਈ.ਐਮ.ਡੀ.
ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਸੋਮਵਾਰ ਨੂੰ ਕਿਹਾ ਕਿ ਵੱਧ ਤੋਂ ਵੱਧ ਤਾਪਮਾਨ ’ਚ ਵਾਧੇ ਦਾ ਕਣਕ ਦੀ ਤਿਆਰ ਫਸਲ ’ਤੇ ਕੋਈ ਅਸਰ ਨਹੀਂ ਪਵੇਗਾ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੇ ਡਾਇਰੈਕਟਰ ਜਨਰਲ ਮ੍ਰਿਤਊਂਜੈ ਮਹਾਪਾਤਰਾ ਨੇ ਕਿਹਾ, ‘‘ਮੱਧ ਪ੍ਰਦੇਸ਼ ’ਚ ਇਸ ਸਮੇਂ ਤਾਪਮਾਨ 37-40 ਡਿਗਰੀ ਸੈਲਸੀਅਸ ਦੇ ਆਸ ਪਾਸ ਹੈ ਅਤੇ ਅਗਲੇ ਹਫਤੇ ਇਸ ਦੇ 42 ਡਿਗਰੀ ਸੈਲਸੀਅਸ ਤਕ ਪਹੁੰਚਣ ਦੀ ਸੰਭਾਵਨਾ ਹੈ। ਸੂਬੇ ’ਚ ਕਣਕ ਦੀ ਵਾਢੀ ਦਾ 90 ਫੀ ਸਦੀ ਕੰਮ ਪੂਰਾ ਹੋ ਚੁੱਕਾ ਹੈ, ਇਸ ਲਈ ਇਸ ਦਾ ਕੋਈ ਅਸਰ ਨਹੀਂ ਪਵੇਗਾ।’’
ਉਨ੍ਹਾਂ ਕਿਹਾ ਕਿ ਜੇਕਰ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਚਲਾ ਜਾਂਦਾ ਹੈ ਤਾਂ ਵੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ’ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ। ਸਾਲ 2022 ’ਚ ਦੇਸ਼ ’ਚ ਗਰਮੀ ਦੀ ਲਹਿਰ ਦੇ ਸ਼ੁਰੂਆਤੀ ਅਸਰ ਨੇ ਭਾਰਤ ’ਚ ਕਣਕ ਦੇ ਉਤਪਾਦਨ ਨੂੰ ਪ੍ਰਭਾਵਤ ਕੀਤਾ, ਜਿਸ ਨਾਲ ਦੁਨੀਆਂ ਦੇ ਦੂਜੇ ਸੱਭ ਤੋਂ ਵੱਡੇ ਕਣਕ ਉਤਪਾਦਕ ਨੂੰ ਨਿਰਯਾਤ ’ਤੇ ਪਾਬੰਦੀ ਲਗਾਉਣ ਲਈ ਮਜਬੂਰ ਹੋਣਾ ਪਿਆ। ਅਗਲੇ ਹਫ਼ਤੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ’ਚ ਹੌਲੀ ਹੌਲੀ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
ਇਸ ਸਾਲ ਦੇਸ਼ ਨੂੰ ਖਰਾਬ ਮੌਸਮ ਦਾ ਸਾਹਮਣਾ ਕਰਨਾ ਪਵੇਗਾ: ਕਿਰਨ ਰਿਜੀਜੂ
ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਅਪ੍ਰੈਲ ਦੇ ਅਖੀਰ ਤੋਂ ਦੇਸ਼ ’ਚ ਖਰਾਬ ਮੌਸਮ ਦੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਹੈ। ਕੇਂਦਰੀ ਧਰਤੀ ਵਿਗਿਆਨ ਮੰਤਰੀ ਕਿਰਨ ਰਿਜੀਜੂ ਨੇ ਸੋਮਵਾਰ ਨੂੰ ਕਿਹਾ ਕਿ ਸਾਰੇ ਹਿੱਤਧਾਰਕਾਂ ਲਈ ਪਹਿਲਾਂ ਤੋਂ ਤਿਆਰੀ ਕਰਨਾ ਮਹੱਤਵਪੂਰਨ ਹੈ। ਮੰਤਰੀ ਨੇ ਇਕ ਪ੍ਰੈਸ ਕਾਨਫਰੰਸ ’ਚ ਕਿਹਾ, ‘‘ਸਾਨੂੰ ਅਗਲੇ ਢਾਈ ਮਹੀਨਿਆਂ ਤਕ ਖਰਾਬ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਇਸੇ ਸਮੇਂ ਆਮ ਚੋਣਾਂ ਹੋਣੀਆਂ ਹਨ, ਜਿਨ੍ਹਾਂ ’ਚ ਲਗਭਗ ਇਕ ਅਰਬ ਲੋਕਾਂ ਦੇ ਵੋਟ ਪਾਉਣ ਦੀ ਉਮੀਦ ਹੈ।’’ ਰਿਜਿਜੂ ਨੇ ਕਿਹਾ ਕਿ ਉਨ੍ਹਾਂ ਨੇ ਭਿਆਨਕ ਗਰਮੀ ਦੀ ਭਵਿੱਖਬਾਣੀ ਦੇ ਵਿਚਕਾਰ ਚੋਣਾਂ ਦੇ ਮੱਦੇਨਜ਼ਰ ਹਿੱਤਧਾਰਕਾਂ ਨਾਲ ਇਕ ਲਾਭਦਾਇਕ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਸਮੇਤ ਸਾਰੇ ਹਿੱਤਧਾਰਕਾਂ ਵਲੋਂ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, ‘‘ਇਹ ਸਾਡੇ ਸਾਰਿਆਂ ਲਈ ਬਹੁਤ ਚੁਨੌਤੀਪੂਰਨ ਹੋਣ ਜਾ ਰਿਹਾ ਹੈ ਕਿਉਂਕਿ ਅਸੀਂ ਦੁਨੀਆਂ ਦਾ ਸੱਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹਾਂ ਅਤੇ ਸਾਨੂੰ ਮਾੜੇ ਮੌਸਮ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਪਹਿਲਾਂ ਤੋਂ ਤਿਆਰੀ ਕਰਨਾ ਬਹੁਤ ਮਹੱਤਵਪੂਰਨ ਹੋ ਜਾਂਦਾ ਹੈ।’’