
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ ਮਰੀਜ਼ਾਂ ਦੀ ਮਦਦ ਲਈ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ ਮਰੀਜ਼ਾਂ ਦੀ ਮਦਦ ਲਈ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਦੀ ਲੋੜ ਹੈ। ਉਹਨਾਂ ਨੇ ਡਾਕਟਰਾਂ ਤੋਂ ਵੀ ਮਦਦ ਮੰਗੀ।
Coronavirus
ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਇਸ ਸਮੇਂ ਦੇਸ਼ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਦੀ ਲੋੜ ਹੈ। ਅਸੀਂ ਇਕ ਮੈਡੀਕਲ ਐਡਵਾਇਜ਼ਰੀ ਹੈਲਪਲਾਈਨ ਸ਼ੁਰੂ ਕੀਤੀ ਹੈ। ਤੁਸੀਂ ਹੁਣ +919983836838 ’ਤੇ ਫੋਨ ਕਰਕੇ ਡਾਕਟਰੀ ਸਲਾਹ ਲੈ ਸਕਦੇ ਹੋ’। ਇਸ ਤੋਂ ਇਲਾਵਾ ਕਾਂਗਰਸ ਆਗੂ ਨੇ ਡਾਕਟਰਾਂ ਅਤੇ ਸਿਹਤ ਮਾਹਿਰਾਂ ਨੂੰ ਵੀ ਅੱਗੇ ਆ ਕੇ ਰਜਿਸਟਰੇਸ਼ਨ ਕਰਨ ਦੀ ਅਪੀਲ ਕੀਤੀ ਹੈ।
Tweet
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਘਾਤਕ ਸਾਬਿਤ ਹੋ ਰਹੀ ਹੈ। ਇਸ ਦੌਰਾਨ ਹਰ ਰੋਜ਼ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਹਸਪਤਾਲਾਂ ਵਿਚ ਬੈੱਡ ਅਤੇ ਆਕਸੀਜਨ ਦੀ ਕਮੀਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
COVID 19 Cases
ਦੱਸ ਦਈਏ ਕਿ ਭਾਰਤ ਵਿਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਰੀਕਾਰਡ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 4,01,993 ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਬਾਅਦ ਕੁੱਲ ਮਾਮਲੇ 1,91,64,969 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 32 ਲੱਖ ਦੇ ਪਾਰ ਪਹੁੰਚ ਗਈ ਹੈ। ਇਕ ਦਿਨ ਵਿਚ 3,523 ਲੋਕਾਂ ਦੀ ਮੌਤ ਹੋਣ ਮਗਰੋਂ ਇਸ ਭਿਆਨਕ ਮਹਾਂਮਾਰੀ ਦੇ ਮ੍ਰਿਤਕਾਂ ਦੀ ਗਿਣਤੀ 2,11,853 ਹੋ ਗਈ ਹੈ।