
ਅਸੀਂ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਨੌਤੀ ਦੇਵਾਂਗੇ : ਗੁਰਕੀਰਤ
ਸ਼ਿਮਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਵਿਚ ਸ਼ਾਮਲ ਖ਼ਾਲਿਸਤਾਨੀ ਖਾੜਕੂ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਬੇਅੰਤ ਸਿੰਘ ਦਾ ਪਰਵਾਰ ਸੁਪਰੀਮ ਕੋਰਟ ਵਿਚ ਚੁਨੌਤੀ ਦੇਵੇਗਾ।
Gurkirat Singh Kotli
ਬੇਅੰਤ ਸਿੰਘ ਦੇ ਪੋਤੇ ਅਤੇ ਕਾਂਗਰਸ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਇਥੇ ਇਸ ਬਾਬਤ ਜਾਣਕਾਰੀ ਦਿਤੀ। ਕੋਟਲੀ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, 'ਅਸੀਂ ਇਸ ਬਾਰੇ ਕਾਨੂੰਨੀ ਸਲਾਹ ਲੈ ਰਹੇ ਹਾਂ। ਅਸੀਂ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਇਸ ਆਧਾਰ 'ਤੇ ਚੁਨੌਤੀ ਦੇਵਾਂਗੇ ਕਿ ਮੌਤ ਦੀ ਸਜ਼ਾ ਬਦਲਣ ਲਈ ਰਾਜੋਆਣਾ ਨੇ ਕਦੇ ਵੀ ਰਹਿਮ ਪਟੀਸ਼ਨ ਦਾਖ਼ਲ ਨਹੀਂ ਕੀਤੀ।
Supreme Court
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ 550 ਵੇਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਸਨਿਚਰਵਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਇਨਸਾਨੀ ਆਧਾਰ 'ਤੇ ਬਦਲਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿਚ ਖਾੜਕੂਵਾਦ ਦੇ ਕਾਲੇ ਦੌਰ ਨੂੰ ਖ਼ਤਮ ਕਰਨ ਵਿਚ ਅਹਿਮ ਰੋਲ ਅਦਾ ਕਰਨ ਵਾਲੇ ਸੂਬੇ ਦੇ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗੱਸਤ 1995 ਨੂੰ ਆਤਮਘਾਤੀ ਹਮਲਾਵਰਾਂ ਨੇ ਹਤਿਆ ਕਰ ਦਿਤੀ ਸੀ।