
'ਇਸ ਦਾ ਉਦੇਸ਼ ਕਾਂਗਰਸ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣਾ ਹੈ'
Haryana Election 2024 : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਸੌਦਾ ਸਾਧ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਲਿਆਉਣ ਪਿੱਛੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹੱਥ ਹੈ ਅਤੇ ਇਸ ਦਾ ਉਦੇਸ਼ ਕਾਂਗਰਸ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣਾ ਹੈ।
ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਟੀ ਦੇ ਨੇਤਾਵਾਂ ’ਤੇ ਕਥਿਤ ਤੌਰ ’ਤੇ ਅਪਮਾਨਜਨਕ ਤਰੀਕੇ ਨਾਲ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਨ ਲਈ ਵੀ ਹਮਲਾ ਕੀਤਾ। ਉਨ੍ਹਾਂ ਕਿਹਾ, ‘‘ਜਦੋਂ ਚੋਣਾਂ ਤੋਂ ਪਹਿਲਾਂ ਉਹ ਸੌਦਾ ਸਾਧ ਨੂੰ 20 ਦਿਨਾਂ ਲਈ ਰਿਹਾਅ ਕਰ ਦਿੰਦੇ ਹਨ, ਜਿਸ ’ਤੇ ਕਤਲ ਅਤੇ ਜਬਰ ਜਨਾਹ ਦਾ ਦੋਸ਼ ਹੈ ਅਤੇ ਤੁਸੀਂ (ਭਾਜਪਾ) ਉਸ ਨੂੰ ਪ੍ਰਚਾਰ ਲਈ ਰਿਹਾਅ ਕਰਦੇ ਹੋ। ਮੈਂ ਕਹਾਂਗਾ ਕਿ ਕੇਜਰੀਵਾਲ ਜੀ ਨੂੰ ਵੀ ਉਸੇ ਸਮੇਂ ਜੇਲ੍ਹ ਤੋਂ ਬਾਹਰ ਲਿਆਂਦਾ ਜਾਵੇ ਤਾਂ ਜੋ ਉਹ ਹਰਿਆਣਾ ’ਚ ਪ੍ਰਚਾਰ ਕਰ ਸਕਣ।’’ ਉਨ੍ਹਾਂ ਕਿਹਾ, ‘‘ਭਾਜਪਾ ਨੂੰ ਲਗਦਾ ਹੈ ਕਿ ਇਹ ਲੋਕ ਹਰਿਆਣਾ ’ਚ ਕਾਂਗਰਸ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।’’
ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਸੋਮਵਾਰ ਨੂੰ ਕਿਹਾ ਸੀ ਕਿ ਹਰਿਆਣਾ ਸਰਕਾਰ ਸੌਦਾ ਸਾਧ ਦੀ ਪੈਰੋਲ ’ਤੇ ਵਿਚਾਰ ਕਰ ਸਕਦੀ ਹੈ ਬਸ਼ਰਤੇ ਉਸ ਦੀ ਪੈਰੋਲ ਪਟੀਸ਼ਨ ਵਿਚ ਜ਼ਿਕਰ ਕੀਤੇ ਤੱਥ ਸਹੀ ਹੋਣ ਅਤੇ ਚੋਣਾਂ ਲਈ ਲਾਗੂ ਆਦਰਸ਼ ਚੋਣ ਜ਼ਾਬਤੇ ਦੀਆਂ ਹੋਰ ਸ਼ਰਤਾਂ ਪੂਰੀਆਂ ਹੋਣ। ਸੌਦਾ ਸਾਧ ਨੇ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਹੈ।
ਆਬਕਾਰੀ ਨੀਤੀ ਮਾਮਲੇ ’ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਕੇਜਰੀਵਾਲ ਪੂਰੇ ਹਰਿਆਣਾ ’ਚ ਚੋਣ ਪ੍ਰਚਾਰ ਕਰ ਰਹੇ ਹਨ। ਪੇਸ਼ੇ ਤੋਂ ਕਾਰੋਬਾਰੀ ਵਾਡਰਾ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਉਹ ਜਿਸ ਕੰਪਨੀ ਨਾਲ ਕੰਮ ਕਰ ਰਹੇ ਹਨ, ਉਹ ਹਰਿਆਣਾ ’ਚ ਨੌਕਰੀਆਂ ਦੇ ਸਕਦੀ ਹੈ।
ਉਨ੍ਹਾਂ ਕਿਹਾ, ‘‘ਮੈਂ ਹਰਿਆਣਾ ’ਚ ਰੁਜ਼ਗਾਰ ਦੇ ਸਕਦਾ ਸੀ ਪਰ ਇਸ (ਭਾਜਪਾ) ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਮੇਰੇ ਸਾਰੇ ਸਾਥੀ ਡਰ ਗਏ ਅਤੇ ਉਹ ਚਲੇ ਗਏ। ਮੇਰੇ ਲਈ ਕੰਮ ਕਰਨਾ ਮੁਸ਼ਕਲ ਹੋ ਗਿਆ, ਵਿੱਤੀ ਤੌਰ ’ਤੇ ਉਨ੍ਹਾਂ ਨੇ ਮੈਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ।’’
ਵਾਡਰਾ ਨੇ ਭਰੋਸਾ ਪ੍ਰਗਟਾਇਆ ਕਿ ਹਰਿਆਣਾ ਦੇ ਲੋਕ ਕਾਂਗਰਸ ਨੂੰ ਵੋਟ ਦੇਣਗੇ ਅਤੇ ਚੋਣਾਂ ’ਚ ਉਸ ਨੂੰ ਭਾਰੀ ਬਹੁਮਤ ਮਿਲੇਗਾ। ਹਰਿਆਣਾ ’ਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।