
ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਦੇ ਬਿਆਨ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਹੈ।
ਨਵੀਂ ਦਿੱਲੀ: ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਦੇ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਕ ਚੈਨਲ ਨਾਲ ਗੱਲਬਾਤ ਕਰਦਿਆਂ ਦੀਪੇਂਦਰ ਹੁੱਡਾ ਨੇ ਪੁੱਛਿਆ ਕਿ ਕੀ ਸਰਕਾਰ ਇਹ ਗੱਲ ਸੱਚੇ ਦਿਲ ਨਾਲ ਕਹਿ ਰਹੀ ਹੈ?
Deepender Singh Hooda
ਉਹਨਾਂ ਕਿਹਾ, ‘ਜੇਕਰ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਕੁਰਬਾਨੀਆਂ ਦੇਣ ਵਾਲੇ 700 ਦੇ ਕਰੀਬ ਕਿਸਾਨਾਂ ਦੇ ਅੰਕੜੇ ਨਹੀਂ ਹਨ ਤਾਂ ਮੈਂ ਇਹ ਅੰਕੜਾ ਸਰਕਾਰ ਨੂੰ ਦੇਣ ਲਈ ਤਿਆਰ ਹਾਂ। ਸਰਕਾਰ ਸਾਰੇ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਵੇ ਅਤੇ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਵੇ’।
Farmers Protest
ਦੀਪੇਂਦਰ ਹੁੱਡਾ ਨੇ ਕਿਹਾ, 'ਇਸ ਤੋਂ ਜ਼ਿਆਦਾ ਮੰਦਭਾਗਾ ਜਵਾਬ ਕੋਈ ਨਹੀਂ ਹੋ ਸਕਦਾ। ਜੇਕਰ ਸਰਕਾਰ ਚਾਹੇ ਤਾਂ ਮੈਂ ਖੁਦ ਇਹ ਸੂਚੀ ਸਰਕਾਰ ਨੂੰ ਦੇ ਸਕਦਾ ਹਾਂ। ਇਹ ਸੂਚੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਜਾਰੀ ਕੀਤੀ ਗਈ ਹੈ। ਕਈ ਸੂਬਿਆਂ ਵਿਚ ਅਜਿਹੇ ਲੋਕ ਹਨ ਜਿਨ੍ਹਾਂ ਨੇ ਇਸ ਸੂਚੀ ਨੂੰ ਲੈ ਕੇ ਲੋਕਾਂ ਦੀ ਮਦਦ ਕਰਨ ਦਾ ਕੰਮ ਕੀਤਾ ਹੈ। ਮੈਂ ਖੁਦ ਇਹਨਾਂ ਲੋਕਾਂ ਦੇ ਘਰ ਗਿਆ ਹਾਂ। ਅਜਿਹੀ ਮਦਦ ਪੰਜਾਬ ਸਰਕਾਰ ਵੱਲੋਂ ਵੀ ਦਿੱਤੀ ਗਈ ਹੈ। ਜੇਕਰ ਸਰਕਾਰ ਚਾਹੇ ਤਾਂ ਸਾਰੀਆਂ ਸੂਬਾ ਸਰਕਾਰਾਂ ਤੋਂ ਇਹ ਸੂਚੀ ਲੈ ਸਕਦੀ ਹੈ। ਸਮੱਸਿਆ ਇਹ ਹੈ ਕਿ ਸਰਕਾਰ ਦਾ ਉਹਨਾਂ ਦੀ ਮਦਦ ਕਰਨ ਦਾ ਕੋਈ ਇਰਾਦਾ ਨਹੀਂ ਹੈ। ਨਾ ਤਾਂ ਉਹ ਇਹ ਮੰਨਣਾ ਚਾਹੁੰਦੇ ਹਨ ਕਿ ਇੰਨੇ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਨਾ ਹੀ ਉਹਨਾਂ ਨੂੰ ਮਾਨਤਾ ਦੇਣਾ ਚਾਹੁੰਦੇ ਹਨ ਪਰ ਅਸੀਂ ਕਿਸਾਨਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ।
Narendra Tomar
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸੰਸਦ ਵਿਚ ਕਿਹਾ ਹੈ ਕਿ ਉਸ ਕੋਲ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅਜਿਹੀ ਸਥਿਤੀ ਵਿਚ ਕਿਸੇ ਨੂੰ ਵੀ ਵਿੱਤੀ ਸਹਾਇਤਾ ਯਾਨੀ ਮੁਆਵਜ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਲਿਖਤੀ ਜਵਾਬ ਲੋਕ ਸਭਾ ਵਿਚ ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਇਕ ਸਵਾਲ ਦੇ ਜਵਾਬ ਵਿਚ ਦਿੱਤਾ।