
ਲੋਕ ਸਭਾ 'ਚ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਉੱਠੇ ਸਵਾਲ 'ਤੇ ਦਿੱਤਾ ਜਵਾਬ
ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਸਰਕਾਰ ਨੇ ਕਿਹਾ ਕਿ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਦਾ ਕੋਈ ਅੰਕੜਾ ਨਹੀਂ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੇ ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁਆਵਜ਼ੇ ਦੀ ਮੰਗ ਨੂੰ ਸਿਰੇ ਤੋਂ ਨਕਾਰਦਿਆਂ ਸਰਕਾਰ ਨੇ ਕਿਹਾ ਕਿ ਇਸ ਬਾਰੇ ਕੋਈ ਅੰਕੜੇ ਨਹੀਂ ਹਨ, ਇਸ ਲਈ ਵਿੱਤੀ ਸਹਾਇਤਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
Farmer protest
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਗੱਲ ਲੋਕ ਸਭਾ ਵਿੱਚ ਸੰਸਦ ਮੈਂਬਰਾਂ ਦੇ ਇੱਕ ਸਮੂਹ ਵੱਲੋਂ 'ਖੇਤੀ ਕਾਨੂੰਨ ਅੰਦੋਲਨ' 'ਤੇ ਉਠਾਏ ਸਵਾਲਾਂ ਦੇ ਜਵਾਬ ਵਿੱਚ ਕਹੀ। ਸੰਸਦ ਮੈਂਬਰਾਂ ਨੇ ਅੰਦੋਲਨ ਨਾਲ ਜੁੜੇ ਹੋਰ ਸਵਾਲਾਂ ਦੇ ਨਾਲ-ਨਾਲ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਜਾਣਨੀ ਚਾਹੀ।
Farmer protest
ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਚੱਲ ਰਹੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਗਿਣਤੀ ਅਤੇ ਸਰਕਾਰ ਵੱਲੋਂ ਉਕਤ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਤਜਵੀਜ਼ ਬਾਰੇ ਵੀ ਅੰਕੜੇ ਮੰਗੇ ਗਏ ਸਨ। ਪਰ ਖੇਤੀਬਾੜੀ ਮੰਤਰਾਲੇ ਨੇ ਸਪੱਸ਼ਟ ਕਿਹਾ ਹੈ ਕਿ ਉਸ ਕੋਲ ਇਸ ਮਾਮਲੇ ਦਾ ਕੋਈ ਰਿਕਾਰਡ ਨਹੀਂ ਹੈ ਅਤੇ ਇਸ ਲਈ ਵਿੱਤੀ ਸਹਾਇਤਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਗਿਆ ਕਿ ਕਿਵੇਂ ਸਰਕਾਰ ਨੇ ਕਿਸਾਨ ਆਗੂਆਂ ਨਾਲ 11 ਦੌਰ ਦੀ ਗੱਲਬਾਤ ਕਰਕੇ ਸਥਿਤੀ ਨੂੰ ਕਾਬੂ ਹੇਠ ਕੀਤਾ ਹੈ।
Narendra Singh Tomar
ਦੱਸ ਦੇਈਏ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੁੱਖ ਮੰਗ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀਆਂ ਮੰਗਾਂ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਸ਼ਾਮਲ ਹੈ।
Narendra Singh Tomar
ਇਸ ਦੇ ਨਾਲ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੇ ਮੁੜ ਵਸੇਬੇ ਦੀ ਮੰਗ ਵੀ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨ ਆਗੂਆਂ ਨੇ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਸ਼ਹੀਦ ਕਿਸਾਨ ਕਿਹਾ ਹੈ। ਪਿਛਲੇ ਸਾਲ ਤੋਂ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨ ਆਪਣੀ ਜਾਨ ਗੁਆਚੁੱਕੇ ਹਨ।