
ਮਨੋਹਰ ਲਾਲ ਖੱਟਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਕਦਮ ਦੀ ਸ਼ਲਾਘਾ ਵੀ ਕੀਤੀ
ਚੰਡੀਗੜ੍ਹ: ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਰਾਜਧਾਨੀ ਹੈ। ਪਾਰਟੀ ਮੁਖੀ ਵਜੋਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਬਣਿਆ ਰਹੇਗਾ। ਚੰਡੀਗੜ੍ਹ ਤੋਂ ਇਲਾਵਾ ਦੋਵਾਂ ਸੂਬਿਆਂ ਕੋਲ ਹੋਰ ਵੀ ਕਈ ਮੁੱਦੇ ਚਰਚਾ ਲਈ ਹਨ।
ਖੱਟਰ ਨੇ ਕਿਹਾ ਕਿ ਜੇਕਰ ਉਹ (ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ) ਅਜਿਹਾ ਕੁਝ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਐਸਵਾਈਐਲ ਮੁੱਦੇ ਦੇ ਹੱਲ ਲਈ ਪਹਿਲਾਂ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਚਾਹੀਦੀ ਹੈ। ਹਿੰਦੀ ਬੋਲਦੇ ਇਲਾਕੇ ਹਰਿਆਣਾ ਨੂੰ ਨਹੀਂ ਦਿੱਤੇ ਗਏ, ਜਿਸ ਕਾਰਨ ਬਾਕੀ ਮਸਲੇ ਹੱਲ ਕਰਨ ਵਿਚ ਦੇਰੀ ਹੋ ਗਈ। ਉਹਨਾਂ ਨੂੰ ਕਹਿਣਾ ਚਾਹੀਦਾ ਹੈ ਕਿ ਉਹ ਹਰਿਆਣਾ ਨੂੰ ਹਿੰਦੀ ਬੋਲਣ ਵਾਲੇ ਇਲਾਕੇ ਦੇਣ ਲਈ ਤਿਆਰ ਹਨ।
ਖੱਟਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜੋ ਕਰ ਰਹੇ ਹਨ, ਉਹ ਨਿੰਦਣਯੋਗ ਹੈ। ਉਹਨਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਰਾਜੀਵ-ਲੌਂਗੋਵਾਲ ਸਮਝੌਤਾ 35-36 ਸਾਲ ਪਹਿਲਾਂ ਹੋਇਆ ਸੀ, ਜਿਸ ਅਨੁਸਾਰ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੋਵਾਂ ਦੀ ਰਾਜਧਾਨੀ ਹੈ।
ਮਨੋਹਰ ਲਾਲ ਖੱਟਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਕਦਮ ਦੀ ਸ਼ਲਾਘਾ ਵੀ ਕੀਤੀ ਅਤੇ ਪੰਜਾਬ ਸਰਕਾਰ 'ਤੇ ਇਸ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਾਇਆ। ਭਾਜਪਾ ਆਗੂ ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਹੈ।