
ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 153-ਏ, 153-ਬੀ ਅਤੇ 295 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਮੁੰਬਈ - ਮੁੰਬਈ ਪੁਲਿਸ ਨੇ ਸ਼ੀਆ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਚਾਰ ਮੁਸਲਿਮ ਧਾਰਮਿਕ ਆਗੂਆਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਹੈ। ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇ.ਜੇ. ਮਾਰਗ ਥਾਣਾ ਪੁਲਿਸ ਨੇ ਮੰਗਲਵਾਰ ਨੂੰ ਮੁੰਬਈ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਲਖਨਊ, ਹੈਦਰਾਬਾਦ, ਚੇਨਈ ਅਤੇ ਕਸ਼ਮੀਰ ਦੇ ਨਿਵਾਸੀ ਚਾਰ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜੇ.ਜੇ ਮਾਰਗ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ, “ਅਸੀਂ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਐਫ਼.ਆਈ.ਆਰ. ਦਰਜ ਕੀਤੀ। ਅਸੀਂ ਸ਼ਿਕਾਇਤਕਰਤਾ ਨੂੰ ਆਡੀਓ/ਵੀਡੀਓ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਮਾਮਲੇ ਦੀ ਜਾਂਚ ਚੱਲ ਰਹੀ ਹੈ।" ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ 'ਚੋਂ ਇੱਕ ਨੇ ਸਤੰਬਰ 'ਚ ਪਾਕਿਸਤਾਨ 'ਚ ਰਹਿਣ ਵਾਲੇ ਇੱਕ ਮੌਲਵੀ ਦਾ ਸਮਰਥਨ ਕੀਤਾ ਸੀ, ਅਤੇ ਸ਼ੀਆ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਸੀ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਬਾਕੀ ਤਿੰਨ ਮੁਲਜ਼ਮਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਵਿਰੋਧੀ ਗੱਲਾਂ ਕਰਨ ਦੇ ਦੋਸ਼ ਲਾਏ ਹਨ। ਦੱਸਿਆ ਗਿਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 153-ਏ, 153-ਬੀ ਅਤੇ 295 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।