
Srinagar News : ਅਨੰਤਨਾਗ ’ਚ ਇਕ ਹੋਰ ਮੁਹਿੰਮ ’ਚ ਵੀ ਦੋ ਅਤਿਵਾਦੀ ਹਲਾਕ
Srinagar News : ਸ਼੍ਰੀਨਗਰ ਦੇ ਖਾਨਯਾਰ ਇਲਾਕੇ ’ਚ ਸਨਿਚਰਵਾਰ ਸਵੇਰੇ ਹੋਏ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦਾ ਇਕ ਅਤਿਵਾਦੀ ਮਾਰਿਆ ਗਿਆ ਅਤੇ ਚਾਰ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਖਾਨਯਾਰ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਦਸਿਆ ਕਿ ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਤਲਾਸ਼ੀ ਮੁਹਿੰਮ ਮੁਕਾਬਲੇ ’ਚ ਬਦਲ ਗਈ। ਅਧਿਕਾਰੀਆਂ ਨੇ ਦਸਿਆ ਕਿ ਮੁਕਾਬਲਾ ਜਾਰੀ ਹੈ ਅਤੇ ਇਕ ਅਤਿਵਾਦੀ ਮਾਰਿਆ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਮਾਰਿਆ ਗਿਆ ਅਤਿਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਪਾਕਿਸਤਾਨੀ ਸੀ। ਅਧਿਕਾਰੀ ਨੇ ਕਿਹਾ, ‘‘ਉਸ ਦੀ ਉਮਰ ਨੂੰ ਵੇਖਦੇ ਹੋਏ ਉਹ ਲਸ਼ਕਰ-ਏ-ਤੋਇਬਾ ਦਾ ਸੱਭ ਤੋਂ ਸੀਨੀਅਰ ਅਤਿਵਾਦੀ ਜਾਪਦਾ ਹੈ।”
ਅਧਿਕਾਰੀਆਂ ਨੇ ਦਸਿਆ ਕਿ ਮੁਕਾਬਲੇ ਦੌਰਾਨ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.) ਦੇ ਦੋ ਜਵਾਨ ਅਤੇ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਫੌਜ ਦੇ 92 ਬੇਸ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਮੁਹਿੰਮ ਅਜੇ ਵੀ ਜਾਰੀ ਹੈ।
ਅਧਿਕਾਰੀਆਂ ਨੇ ਦਸਿਆ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸ਼ਾਂਗਸ-ਲਾਰਨੂ ਇਲਾਕੇ ’ਚ ਹਲਕਾਨ ਗਲੀ ਨੇੜੇ ਸੁਰੱਖਿਆ ਬਲਾਂ ਦੇ ਇਕ ਹੋਰ ਮੁਹਿੰਮ ’ਚ ਵੀ ਦੋ ਅਤਿਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਵੀ ਚੱਲ ਰਿਹਾ ਹੈ। (ਪੀਟੀਆਈ)
(For more news apart from One terrorist killed, 4 security personnel injured in encounter in Srinagar News in Punjabi, stay tuned to Rozana Spokesman)