
ਪਾਕਿਸਤਾਨ ਨੂੰ ਅਤਿਵਾਦ ਦੇ ਮੁੱਦੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਲੋੜ: ਭਾਰਤ
ਇਸਲਾਮਾਬਾਦ : ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ਨੂੰ ਆਮ ਬਣਾਉਣ ਲਈ ਆਪਸੀ ਇੱਛਾ ਸ਼ਕਤੀ ਦੀ ਜ਼ਰੂਰਤ ਹੈ। ਵੀਰਵਾਰ ਨੂੰ ਵਿਦੇਸ਼ ਮੰਤਰਾਲੇ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਰ ਨੇ ਪਿਛਲੇ ਸਾਲ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਪਾਕਿਸਤਾਨ ਦੀਆਂ ਕੂਟਨੀਤਕ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ।
ਭਾਰਤ ਨਾਲ ਪਾਕਿਸਤਾਨ ਦੇ ਸਬੰਧਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਜ਼ੋਰ ਦਿਤਾ ਅਤੇ ਕਿਹਾ ਕਿ ਤਾੜੀਆਂ ਦੋਵੇਂ ਹੱਥਾਂ ਨਾਲ ਵਜਾਈਆਂ ਜਾਂਦੀਆਂ ਹਨ। ਡਾਰ ਨੇ ਅਗਲੇ ਮਹੀਨੇ ਬੰਗਲਾਦੇਸ਼ ਜਾਣ ਦੀ ਯੋਜਨਾ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਪਿਛਲੇ ਸਾਲ ਅਗੱਸਤ ਵਿਚ ਹਸੀਨਾ ਸਰਕਾਰ ਨੂੰ ਹਟਾਉਣ ਤੋਂ ਬਾਅਦ ਇਸਲਾਮਾਬਾਦ ਅਤੇ ਢਾਕਾ ਵਿਚਾਲੇ ਸਬੰਧਾਂ ਦਾ ਪੁਨਰ ਨਿਰਮਾਣ ਕੀਤਾ ਜਾ ਰਿਹਾ ਹੈ।
ਪਾਕਿਸਤਾਨ ਨੂੰ ਅਤਿਵਾਦ ਦੇ ਮੁੱਦੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਲੋੜ: ਭਾਰਤ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਡਾਰ ਵਲੋਂ ਦੁਵਲੇ ਵਪਾਰ ਨੂੰ ਮੁੜ ਸ਼ੁਰੂ ਕਰਨ ਲਈ ਸਾਂਝੇ ਯਤਨਾਂ ਦੀ ਜ਼ਰੂਰਤ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਇਸਲਾਮਾਬਾਦ ਨੂੰ ਦੋਹਾਂ ਪੱਖਾਂ ਵਿਚਾਲੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਅਤਿਵਾਦ ਦੇ ਮੁੱਦੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਹੋਵੇਗਾ।
ਡਾਰ ਦੀ ਟਿਪਣੀ ਬਾਰੇ ਪੁੱਛੇ ਜਾਣ ’ਤੇ ਜੈਸਵਾਲ ਨੇ ਕਿਹਾ ਕਿ ‘ਟੀ‘ ਸ਼ਬਦ ਦਾ ਢੁਕਵਾਂ ਅਰਥ ਅਤਿਵਾਦ ਹੈ। ਪੁਲਵਾਮਾ ਅਤਿਵਾਦੀ ਹਮਲੇ ਦੇ ਜਵਾਬ ਵਿਚ ਫ਼ਰਵਰੀ 2019 ਵਿਚ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਸਿਖਲਾਈ ਕੈਂਪ ’ਤੇ ਭਾਰਤੀ ਜੰਗੀ ਜਹਾਜ਼ਾਂ ਵਲੋਂ ਬੰਬਾਰੀ ਕੀਤੇ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧ ਤਣਾਅਪੂਰਨ ਹੋ ਗਏ ਸਨ। ਹਾਲਾਂਕਿ, ਭਾਰਤ-ਪਾਕਿਸਤਾਨ ਸਬੰਧਾਂ ’ਚ ਕੁੱਝ ਸਕਾਰਾਤਮਕ ਗਤੀ ਦੇ ਸੰਕੇਤ ਮਿਲੇ ਸਨ ਜਦੋਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਕਤੂਬਰ ’ਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸਿਖਰ ਸੰਮੇਲਨ ’ਚ ਹਿੱਸਾ ਲੈਣ ਲਈ ਇਸਲਾਮਾਬਾਦ ਗਏ ਸਨ।