
ਅਧਿਕਾਰੀਆਂ ਅਨੁਸਾਰ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
Chhattisgarh Encounter: ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਇੱਕ ਮਾਓਵਾਦੀ ਨੂੰ ਮਾਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਕਾਂਕੇਰ ਅਤੇ ਨਾਰਾਇਣਪੁਰ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ਵਿੱਚ ਇੱਕ ਮੁਕਾਬਲੇ ਵਿੱਚ ਇੱਕ ਮਾਓਵਾਦੀ ਨੂੰ ਮਾਰ ਦਿੱਤਾ।
ਉਨ੍ਹਾਂ ਕਿਹਾ ਕਿ ਕਾਂਕੇਰ-ਨਾਰਾਇਣਪੁਰ ਦੇ ਸਰਹੱਦੀ ਖੇਤਰ ਵਿੱਚ ਮਾਓਵਾਦੀਆਂ ਦੇ ਉੱਤਰੀ ਬਸਤਰ-ਮਾੜ ਡਿਵੀਜ਼ਨ ਦੇ ਹਥਿਆਰਬੰਦ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੇ ਸੰਯੁਕਤ ਦਲ ਨੂੰ ਨਕਸਲ ਵਿਰੋਧੀ ਅਭਿਆਨ ਦੇ ਤਹਿਤ ਗਸ਼ਤ ਕਰਨ ਦੇ ਲਈ ਰਵਾਨਾ ਕੀਤਾ ਗਿਆ।
ਅਧਿਕਾਰੀਆਂ ਅਨੁਸਾਰ, ਐਤਵਾਰ ਦੁਪਹਿਰ ਕਰੀਬ 12.30 ਵਜੇ ਸੁਰੱਖਿਆ ਬਲ ਕਾਰਵਾਈ ਦੌਰਾਨ ਇਲਾਕੇ ਵਿੱਚ ਸਨ ਜਦੋਂ ਮਾਓਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਮੁਕਾਬਲਾ ਹੋਇਆ।
ਅਧਿਕਾਰੀਆਂ ਅਨੁਸਾਰ, ਮੁਕਾਬਲੇ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਨੇ ਮੌਕੇ ਦੀ ਤਲਾਸ਼ੀ ਲਈ ਤਾਂ ਉੱਥੋਂ ਇੱਕ ਵਰਦੀਧਾਰੀ ਮਾਓਵਾਦੀ ਦੀ ਲਾਸ਼, ਇੱਕ ਐਸਐਲਆਰ ਰਾਈਫਲ ਅਤੇ ਹੋਰ ਸਾਮਾਨ ਬਰਾਮਦ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਨਕਸਲੀ ਦੀ ਪਛਾਣ ਅਜੇ ਤਕ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਹੋਰ ਵੀ ਕਈ ਨਕਸਲੀਆਂ ਦੇ ਮਾਰੇ ਜਾਣ ਅਤੇ ਜ਼ਖ਼ਮੀ ਹੋਣ ਦਾ ਖਦਸ਼ਾ ਹੈ।
ਅਧਿਕਾਰੀਆਂ ਅਨੁਸਾਰ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਇਸ ਮੁਕਾਬਲੇ ਦੇ ਨਾਲ, ਛੱਤੀਸਗੜ੍ਹ ਵਿੱਚ ਇਸ ਸਾਲ ਵੱਖ-ਵੱਖ ਮੁਕਾਬਲਿਆਂ ਵਿੱਚ ਹੁਣ ਤਕ 50 ਮਾਓਵਾਦੀ ਮਾਰੇ ਗਏ ਹਨ।
ਸੂਬੇ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਅੱਠ ਮਾਓਵਾਦੀਆਂ ਨੂੰ ਮਾਰ ਦਿੱਤਾ ਸੀ।
ਪਿਛਲੇ ਸਾਲ, ਸੁਰੱਖਿਆ ਬਲਾਂ ਨੇ ਰਾਜ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ 219 ਮਾਓਵਾਦੀਆਂ ਨੂੰ ਮਾਰ ਦਿੱਤਾ ਸੀ।