
ਕੋਰੋਨਾ ਵਾਇਰਸ ਦੀ ਦੂਜੀ ਖਤਰਨਾਕ ਲਹਿਰ ’ਤੇ ਕਾਬੂ ਪਾਉਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਲਾਕਡਾਊਨ ’ਤੇ ਵਿਚਾਰ ਕਰਨ ਲਈ ਕਿਹਾ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਦੂਜੀ ਖਤਰਨਾਕ ਲਹਿਰ ’ਤੇ ਕਾਬੂ ਪਾਉਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਲਾਕਡਾਊਨ ’ਤੇ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਕਿਹਾ ਕਿ ਉਹ ਲੋਕ ਭਲਾਈ ਦੇ ਹਿੱਤ ਵਿਚ ਦੂਜੀ ਲਹਿਰ ਦੇ ਵਾਇਰਸ ’ਤੇ ਰੋਕ ਲਗਾਉਣ ਲਈ ਲਾਕਡਾਊਨ ’ਤੇ ਵਿਚਾਰ ਕਰ ਸਕਦੇ ਹਨ।
Coronavirus
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਇਹ ਗੱਲ ਅਜਿਹੇ ਸਮੇਂ ਕਹੀ ਹੈ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਚਾਰ ਲੱਖ ਦੇ ਕਰੀਬ ਪਹੁੰਚ ਗਏ। ਅਦਾਲਤ ਨੇ ਇਹ ਵੀ ਕਿਹਾ ਕਿ ਲਾਕਡਾਊਨ ਲਗਾਉਣ ਤੋਂ ਪਹਿਲਾਂ ਸਰਕਾਰ ਇਹ ਵੀ ਯਕੀਨੀ ਬਣਾਵੇ ਕਿ ਇਸ ਦਾ ਸਮਾਜਿਕ ਅਤੇ ਆਰਥਕ ਪ੍ਰਭਾਵ ਨਾ ਪਵੇ। ਕੋਰਟ ਮੁਤਾਬਕ ਜਿਨ੍ਹਾਂ ਲੋਕਾਂ ’ਤੇ ਲਾਕਡਾਊਨ ਦਾ ਅਸਰ ਪੈ ਸਕਦਾ ਹੈ, ਉਹਨਾਂ ਲਈ ਖ਼ਾਸ ਇੰਤਜ਼ਾਮ ਕੀਤੇ ਜਾਣ।
Lockdown
ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕਿਸੇ ਮਰੀਜ਼ ਕੋਲ ਕਿਸੇ ਸੂਬੇ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਦਾ ਸਥਾਨਕ ਪ੍ਰਮਾਣ ਪੱਤਰ ਜਾਂ ਪਛਾਣ ਦਾ ਸਬੂਤ ਨਹੀਂ ਹੈ ਤਾਂ ਉਸ ਨੂੰ ਹਸਪਤਾਲ ਵਿਚ ਭਰਤੀ ਕਰਨ ਅਤੇ ਜ਼ਰੂਰੀ ਦਵਾਈਆਂ ਦੇਣ ਤੋਂ ਮਨ੍ਹਾਂ ਨਹੀਂ ਕੀਤਾ ਜਾ ਸਕਦਾ।
Coronavirus
ਜ਼ਿਕਰਯੋਗ ਹੈ ਕਿ ਭਾਰਤ ’ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਰੀਕਾਰਡ 3,68,147 ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਬਾਅਦ ਕੁਲ ਮਾਮਲੇ 1,99,25,604 ਹੋ ਗਏ ਹਨ। ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਹੁਣ 34 ਲੱਖ ਦੇ ਪਾਰ ਹੋ ਗਈ ਹੈ। ਅੰਕੜਿਆਂ ਮੁਤਾਬਕ ਇਕ ਦਿਨ ਵਿਚ 3,417 ਲੋਕਾਂ ਦੀ ਮੌਤ ਹੋਣ ਮਗਰੋਂ ਇਸ ਭਿਆਨਕ ਮਹਾਂਮਾਰੀ ਦੇ ਮ੍ਰਿਤਕਾਂ ਦੀ ਗਿਣਤੀ 2,18,959 ਹੋ ਗਈ ਹੈ।