
ਪਤਨੀ ਦੀ ਬਿਮਾਰੀ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਕੀਤੀ ਸੀ ਮੰਗ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਬਿਮਾਰੀ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਮਰੀਕੀ ਮੁਸਲਿਮ ਮੇਅਰ ਨੂੰ ਵ੍ਹਾਈਟ ਹਾਊਸ 'ਚ ਈਦ ਦੇ ਜਸ਼ਨ 'ਚ ਸ਼ਾਮਲ ਹੋਣ ਤੋਂ ਰੋਕਿਆ
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਸੀ.ਬੀ.ਆਈ. ਨੂੰ ਵੀਰਵਾਰ ਨੂੰ ਰਿਪੋਰਟ ਸੌਂਪਣ ਲਈ ਕਿਹਾ ਹੈ। ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਵੀ ਉਸੇ ਦਿਨ ਅਦਾਲਤ 'ਚ ਸੁਣਵਾਈ ਹੋਣੀ ਹੈ। ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਦੀ ਸਿਹਤ 'ਤੇ ਤੁਰਤ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਵਕੀਲ ਨੇ ਅਦਾਲਤ ਨੂੰ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਬੇਨਤੀ ਕੀਤੀ। ਸੀ.ਬੀ.ਆਈ. ਦੇ ਵਕੀਲ ਨੇ ਕਿਹਾ ਕਿ ਵੀਰਵਾਰ ਨੂੰ ਰਿਪੋਰਟ ਪੇਸ਼ ਕਰਨਾ ਸੰਭਵ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਨਹੀਂ ਰਹੇ ਮਸ਼ਹੂਰ ਪੰਜਾਬੀ ਨਾਵਲਕਾਰ ਤੇ ਫ਼ਿਲਮਸਾਜ਼ ਬੂਟਾ ਸਿੰਘ ਸ਼ਾਦ
ਇਸ 'ਤੇ ਅਦਾਲਤ ਨੇ ਸੀ.ਬੀ.ਆਈ. ਦੇ ਵਕੀਲ ਨੂੰ ਵੀਰਵਾਰ ਤਕ ਕੋਸ਼ਿਸ਼ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਨਿਯਮਤ ਜ਼ਮਾਨਤ ਪਟੀਸ਼ਨ ਦੇ ਨਾਲ ਅਰਜ਼ੀ 'ਤੇ ਸੁਣਵਾਈ ਕੀਤੀ ਜਾ ਸਕੇ। ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ 2021-22 ਵਿਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿਚ ਕਈ ਦੌਰ ਦੀ ਪੁੱਛਗਿੱਛ ਤੋਂ ਬਾਅਦ 26 ਫ਼ਰਵਰੀ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 31 ਮਾਰਚ ਨੂੰ ਹੇਠਲੀ ਅਦਾਲਤ ਨੇ ਇਸ ਮਾਮਲੇ 'ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਸੀ।