
ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹੁਣ 13 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਣਗੇ।
ਨਵੀਂ ਦਿੱਲੀ: ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹੁਣ 13 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਣਗੇ। ਈਡੀ ਨੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਸੰਮਨ ਭੇਜਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਜਾਂਚ ਏਜੰਸੀ ਤੋਂ ਨਵੀਂ ਤਰੀਕ ਮੰਗੀ ਸੀ ਕਿਉਂਕਿ ਉਹ ਦੇਸ਼ ਤੋਂ ਬਾਹਰ ਹਨ। ਇਸ ਮਾਮਲੇ ਵਿਚ ਸੋਨੀਆ ਗਾਂਧੀ ਨੇ 8 ਜੂਨ ਨੂੰ ਜਾਂਚ ਵਿਚ ਸ਼ਾਮਲ ਹੋਣਾ ਹੈ। ਸੋਨੀਆ ਗਾਂਧੀ ਅਜੇ ਕੋਰੋਨਾ ਪਾਜ਼ੇਟਿਵ ਹੈ ਪਰ ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਉਹ 8 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ।
ਅਧਿਕਾਰੀਆਂ ਨੇ ਦੱਸਿਆ ਕਿ ਰਾਹੁਲ ਗਾਂਧੀ ਨੂੰ ਹੁਣ 13 ਜੂਨ ਨੂੰ ਦਿੱਲੀ ਵਿਚ ਈਡੀ ਦੇ ਮੁੱਖ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਈਡੀ ਨੇ 8 ਜੂਨ ਨੂੰ ਤਲਬ ਕੀਤਾ ਹੈ। ਪਾਰਟੀ ਸਮਰਥਿਤ 'ਯੰਗ ਇੰਡੀਅਨ' ਵਿਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਦੇ ਸਬੰਧ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਸੀ। ‘ਨੈਸ਼ਨਲ ਹੈਰਾਲਡ’ ਅਖ਼ਬਾਰ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦਾ ਹੈ। ਈਡੀ ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ।
ਈਡੀ ਨੇ ਜਾਂਚ ਦੇ ਹਿੱਸੇ ਵਜੋਂ ਹਾਲ ਹੀ ਵਿਚ ਕਾਂਗਰਸ ਨੇਤਾਵਾਂ ਮਲਿਕਾਰਜੁਨ ਖੜਗੇ ਅਤੇ ਪਵਨ ਬਾਂਸਲ ਤੋਂ ਪੁੱਛਗਿੱਛ ਕੀਤੀ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਈਡੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸ ਨੇਤਾਵਾਂ ਤੋਂ ਪੁੱਛਗਿੱਛ ਕਰਕੇ ਵਿੱਤੀ ਲੈਣ-ਦੇਣ, ਯੰਗ ਇੰਡੀਅਨ ਦੇ ਪ੍ਰਮੋਟਰਾਂ ਅਤੇ ਏਜੇਐਲ ਦੀ ਭੂਮਿਕਾ ਬਾਰੇ ਪਤਾ ਲਗਾਉਣਾ ਚਾਹੁੰਦੀ ਹੈ।