
ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਹਨਾਂ ਨੇ ਇਸ ਕਤਲ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਸਿੱਧੂ ਮੂਸੇਵਾਲਾ ਕਤਲ ਕੇਸ ਸੁਪਰੀਮ ਕੋਰਟ ਪਹੁੰਚ ਗਿਆ ਹੈ। ਮਾਨਸਾ ਦੇ ਸਰਦੂਲਗੜ੍ਹ ਤੋਂ ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਹਨਾਂ ਨੇ ਇਸ ਕਤਲ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿਚ ਸੀਐਮ ਭਗਵੰਤ ਮਾਨ ਨੇ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ। ਹਾਲਾਂਕਿ ਹੁਣ ਤੱਕ ਪੰਜਾਬ ਪੁਲਿਸ ਦੀ ਟੀਮ ਹੀ ਇਸ ਦੀ ਜਾਂਚ ਕਰ ਰਹੀ ਹੈ।
ਆਪਣੀ ਪਟੀਸ਼ਨ 'ਚ ਮਿਲਖਾ ਨੇ ਪੰਜਾਬ ਸਰਕਾਰ 'ਤੇ ਸੁਰੱਖਿਆ ਵਿਚ ਕੁਤਾਹੀ ਦੇ ਗੰਭੀਰ ਦੋਸ਼ ਲਾਏ ਹਨ। ਉਹਨਾਂ ਦੀ ਦਲੀਲ ਹੈ ਕਿ ਪੰਜਾਬ ਸਰਕਾਰ ਨੇ ਇਕ ਦਿਨ ਪਹਿਲਾਂ ਹੀ ਸਿੱਧੂ ਸਮੇਤ ਕਈ ਵੀਆਈਪੀਜ਼ ਦੀ ਸੁਰੱਖਿਆ ਘਟਾ ਦਿੱਤੀ ਸੀ। ਨਾਲ ਹੀ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਵਿਚ ਆਮ ਨਾਗਰਿਕ ਦੀ ਸੁਰੱਖਿਆ ਖ਼ਤਰੇ ਵਿਚ ਹੈ।
ਜਨਹਿਤ ਪਟੀਸ਼ਨ 'ਚ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ 'ਤੇ ਪੰਜਾਬ ਸਰਕਾਰ 'ਤੇ ਕਈ ਸਵਾਲ ਚੁੱਕੇ ਗਏ ਹਨ। ਜਗਜੀਤ ਸਿੰਘ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਹਟਾ ਕੇ ਸੀਬੀਆਈ ਨੂੰ ਸੌਂਪੀ ਜਾਵੇ। ਇਸ ਮਾਮਲੇ ਦੀਆਂ ਤਾਰਾਂ ਅੰਤਰਰਾਸ਼ਟਰੀ ਗਰੋਹ ਨਾਲ ਸਬੰਧਤ ਹਨ। ਇਸ ਲਈ ਇਸ ਦੀ ਜਾਂਚ ਸੀਬੀਆਈ ਜਾਂ ਐਨਆਈਏ ਵਰਗੀ ਕੌਮੀ ਜਾਂਚ ਏਜੰਸੀ ਤੋਂ ਹੋਣੀ ਚਾਹੀਦੀ ਹੈ। ਪੰਜਾਬ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ, ਜਿਸ ਲਈ ਸੁਪਰੀਮ ਕੋਰਟ ਦੇ ਦਖ਼ਲ ਦੀ ਲੋੜ ਹੈ। ਜਗਜੀਤ ਸਿੰਘ ਨੇ ਆਪਣੇ ਵਕੀਲਾਂ ਸਾਰਥਕ ਚਤੁਰਵੇਦੀ, ਨਮਿਤ ਸਕਸੈਨਾ ਅਤੇ ਸ਼ੁਭਮ ਜੈਸਵਾਲ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ।