ਸਿਸੋਦੀਆ ਨੂੰ ਸੁਰੱਖਿਆ ਘੇਰੇ 'ਚ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਦੀ ਰਿਹਾਇਸ਼ 'ਤੇ ਲਿਜਾਇਆ ਗਿਆ।
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਾਈ ਕੋਰਟ ਤੋਂ ਅੰਤਰਿਮ ਰਾਹਤ ਮਿਲਣ ਤੋਂ ਬਾਅਦ ਸ਼ਨਿਚਰਵਾਰ ਨੂੰ ਅਪਣੀ ਬੀਮਾਰ ਪਤਨੀ ਨੂੰ ਮਿਲਣ ਤਿਹਾੜ ਜੇਲ ਤੋਂ ਅਪਣੀ ਰਿਹਾਇਸ਼ 'ਤੇ ਪਹੁੰਚੇ । ਹਾਲਾਂਕਿ ਸਿਸੋਦੀਆ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਸੀਮਾ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ।
ਇਹ ਵੀ ਪੜ੍ਹੋ: ਹਜ਼ਾਰਾਂ ਸੱਪ ਫੜ ਚੁੱਕਾ ਇਹ ਬੰਦਾ, ਬਚਾਈ ਸੈਂਕੜੇ ਲੋਕਾਂ ਦੀ ਜਾਨ ਪਰ ਬਦਲੇ 'ਚ ਲੋਕ ਦਿੰਦੇ ਸਿਰਫ਼ 11 ਜਾਂ 21 ਰੁਪਏ
ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਦਸਿਆ ਕਿ ਸੀਮਾ ਮਲਟੀਪਲ ਸਕਲੇਰੋਸਿਸ (ਇਮਿਊਨ ਸਿਸਟਮ ਨਾਲ ਸਬੰਧਤ ਬਿਮਾਰੀ) ਤੋਂ ਪੀੜਤ ਹੈ ਅਤੇ ਪਿਛਲੇ ਮਹੀਨੇ ਵੀ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ 'ਆਪ' ਆਗੂ ਸਿਸੋਦੀਆ ਨੂੰ ਅਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿਤੀ ਸੀ।
ਇਹ ਵੀ ਪੜ੍ਹੋ: ਓਡੀਸ਼ਾ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ!
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਤਿਹਾੜ ਜੇਲ ਦੇ ਸੁਪਰਡੈਂਟ ਨੂੰ ਨਿਰਦੇਸ਼ ਦਿਤਾ ਕਿ ਉਹ ਸਿਸੋਦੀਆ ਨੂੰ ਉਨ੍ਹਾਂ ਦੇ ਘਰ ਲੈ ਜਾਣ, ਜਿਥੇ ਉਨ੍ਹਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਅਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿਤੀ ਗਈ ਹੈ। ਜੇਲ ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਸਿਸੋਦੀਆ ਨੂੰ ਸੁਰੱਖਿਆ ਘੇਰੇ 'ਚ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਦੀ ਰਿਹਾਇਸ਼ 'ਤੇ ਲਿਜਾਇਆ ਗਿਆ। ਉਨ੍ਹਾਂ ਨੇ ਸ਼ਾਮ ਪੰਜ ਵਜੇ ਵਾਪਸ ਜੇਲ ਆਉਣਾ ਹੈ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਨੇੜੇ ਬੰਬ ਦੀ ਅਫ਼ਵਾਹ, ਇੱਕ ਵਿਅਕਤੀ ਗ੍ਰਿਫ਼ਤਾਰ
ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 26 ਫਰਵਰੀ ਨੂੰ ਆਬਕਾਰੀ ਘੁਟਾਲੇ ਵਿਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਹਿਰਾਸਤ ਵਿਚ ਹਨ। ਹਾਈ ਕੋਰਟ ਨੇ 30 ਮਈ ਨੂੰ ਸੀ.ਬੀ.ਆਈ. ਕੇਸ ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਅਪਣੀ ਪਤਨੀ ਨੂੰ ਮਿਲਣ ਲਈ ਜੇਲ ਤੋਂ ਬਾਹਰ ਆਉਣ ਸਮੇਂ ਸਿਸੋਦੀਆ ਮੀਡੀਆ ਵਾਲਿਆਂ ਜਾਂ ਅਪਣੇ ਪ੍ਰਵਾਰ ਤੋਂ ਇਲਾਵਾ ਕਿਸੇ ਹੋਰ ਨਾਲ ਗੱਲ ਨਹੀਂ ਕਰਨਗੇ ਅਤੇ ਫੋਨ ਜਾਂ ਇੰਟਰਨੈੱਟ ਦੀ ਵਰਤੋਂ ਵੀ ਨਹੀਂ ਕਰਨਗੇ।