ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਕੀਤੀ ਸਮਾਗਮ ਦੀ ਪ੍ਰਧਾਨਗੀ
ਚੰਡੀਗੜ੍ਹ : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ‘ਸਾਕਾ ਜੂਨ 1984 ਦਾ ਸਿਆਸੀ ਪਿਛੋਕੜ’ ਵਿਸ਼ੇ ਉਪਰ ਕਰਵਾਏ ਗਏ ਯਾਦਗਾਰੀ ਸਮਾਗਮ ਵਿਚ ਪ੍ਰੋ. ਸ਼ਾਮ ਸਿੰਘ (ਪ੍ਰਧਾਨ) ਵਲੋਂ ਇਸ ਨੁਕਤੇ ਉਪਰ ਜ਼ੋਰ ਦਿਤਾ ਕਿ ਸਿੱਖ ਪੰਥ ਨੂੰ ਮੌਜੂਦਾ ਹਾਲਾਤ ਵਿਚ ਸੰਵਾਦ ਰਚਾਉਣ ਦੀ ਜ਼ਰੂਰਤ ਹੈ ਅਤੇ ਫ਼ੈਡਰਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੁਰਅਮਨ ਸੰਘਰਸ਼ ਉਪਰ ਟੇਕ ਰੱਖਣੀ ਚਾਹੀਦੀ ਹੈ।
ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖ਼ਾਸ ਕਰ ਕੇ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ “ਕਿਛੁ ਸੁਣੀਐ ਕਿਛੁ ਕਹੀਐ” ਦੇ ਸੰਕਲਪ ਤੇ ਪਹਿਰਾ ਦਿੰਦਿਆਂ ਸਾਰੇ ਜਮਹੂਰੀਅਤ ਪਸੰਦ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 1978 ਦੀ ਵਿਸਾਖੀ ਨੂੰ ਹੋਏ ਨਿਰੰਕਾਰੀ ਕਾਂਡ ਤੋਂ ਬਾਅਦ ਸ਼ੁਰੂ ਹੋਈ ਪੰਜਾਬ ਸਮੱਸਿਆ ਨੇ ਜਿਸ ਤਰੀਕੇ ਨਾਲ ਹਿੰਸਕ ਰੂਪ ਅਖ਼ਤਿਆਰ ਕੀਤਾ ਅਤੇ ਸਟੇਟ ਦੇ ਜਬਰ ਕਾਰਨ ਸੂਬੇ ਦੀ ਜਵਾਨੀ ਦਾ ਘਾਣ ਹੋਇਆ ਇਸ ਤੋਂ ਅਜੇ ਵੀ ਸਬਕ ਸਿੱਖਣ ਦੀ ਜ਼ਰੂਰਤ ਹੈ।
ਕੇਂਦਰੀ ਖੂਫ਼ੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ.ਬੀ ਐਸ ਸਿੱਧੂ ਨੇ ਅਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਕਾ ਜੂਨ 1984 ਸਾਕਾ ਨੀਲਾ ਤਾਰਾ ਅਪ੍ਰੇਸ਼ਨ, ਭਾਰਤ ਸਰਕਾਰ ਦੀ ਗਿਣੀ ਮਿਥੀ ਸਾਜਿਸ਼ ਸੀ ਜਿਸ ਵਾਸਤੇ ਪਹਿਲਾਂ ਤੋਂ ਹੀ ਪਿੜ ਤਿਆਰ ਕੀਤਾ ਗਿਆ ਸੀ। ਅਪਣੀ ਪੁਸਤਕ ‘ਦਾ ਖ਼ਾਲਿਸਤਾਨ ਕਾਂਸਪਰੇਸੀ’ ਦਾ ਹਵਾਲਾ ਦਿੰਦਿਆਂ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਹੋਣ ਵਾਲੇ ਹਰੇਕ ਐਕਸ਼ਨ ਦੀ ਸਾਜ਼ਸ਼ ਦਿੱਲੀ ’ਚ ਬੈਠ ਕੇ ਘੜੀ ਜਾਂਦੀ ਸੀ, ਐਕਸ਼ਨ ਭਾਵੇਂ ਕਿਸੇ ਵੀ ਧਿਰ ਵਲੋਂ ਹੁੰਦਾ।
ਉੱਘੇ ਐਡਵੋਕੇਟ ਅਤੇ ਮਨੁੱਖੀ ਹੱਕਾਂ ਦੇ ਵਕੀਲ ਰਾਜਵਿੰਦਰ ਸਿੰਘ ਬੈਂਸ ਨੇ ਕਿਹਾ ਜਿਸ ਤਰ੍ਹਾਂ 1984 ਦੀਆਂ ਘਟਨਾਵਾਂ ਰਾਹੀਂ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕਾਂਗਰਸ ਨੇ 1985 ਦੀਆਂ ਚੋਣਾਂ ਵਿਚ ਭਾਰੀ ਬਹੁਮੱਤ ਹਾਸਲ ਕੀਤਾ ਉਸੇ ਤਰ੍ਹਾਂ ਹੁਣ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਕੇ ਮੌਜੂਦਾ ਹਕੂਮਤ ਲਗਾਤਾਰ ਸੱਤਾ ’ਚ ਰਹਿਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।
ਉੱਘੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਕਿ ਪੰਜਾਬ ਦੀ ਸਮੱਸਿਆ ਅਸਲ ਵਿਚ 1849 ਤੋਂ ਸ਼ੁਰੂ ਹੁੰਦੀ ਹੈ ਜਦ ਬਰਤਾਨਵੀ ਸ਼ਾਸਕਾਂ ਨੇ ਦੇਸ਼ ਪੰਜਾਬ ਨੂੰ ਹਿੰਦੁਸਤਾਨ ਵਿਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਦੀ ਸਮੱਸਿਆ ਗੁਰੂ ਨਾਨਕ ਸਾਹਿਬ ਅਤੇ ਗੁਰਬਾਣੀ ਦੇ ਆਸ਼ੇ ਮੁਤਾਬਕ ਹੀ ਹੱਲ ਹੋ ਸਕਦੀ ਹੈ ਜਿਸ ਵਿਚ ਸੰਵਾਦ ਰਚਾਉਣਾ ਬਹੁਤ ਜ਼ਰੂਰੀ ਹੈ।ਰਣਜੀਤ ਸਿੰਘ ਕੁੱਕੀ ਗਿੱਲ ਨੇ ਕਿਹਾ ਕਿ ਸਿੱਖ ਬੁੱਧੀਜੀਵੀਆਂ ਨੂੰ ਸਾਕਾ ਜੂਨ 1984 ਅਤੇ ਦਿੱਲੀ ਦੇ ਸਿੱਖ ਕਤਲੇਆਮ ਸਬੰਧੀ ਸਹੀ ਸ਼ਬਦਾਵਲੀ ਦੀ ਚੋਣ ਕਰਨੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਵਿਚ ਸਹੀ ਪਰਿਪੇਖ ਪੇਸ਼ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਐਸ.ਜੀ.ਜੀ.ਐਸ. ਕਾਲਜ ਨੇ ਜਿੱਤਿਆ ਨੁੱਕੜ ਨਾਟਕ ਮੁਕਾਬਲਾ
ਰਾਜਵਿੰਦਰ ਸਿੰਘ ਰਾਹੀ ਨੇ ਸਾਕਾ ਜੂਨ 1984 ਦੌਰਾਨ ਫ਼ੌਜੀ ਹਮਲੇ ’ਚ ਤਬਾਹ ਹੋਈ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਬਾਰੇ ਆਪਣੀ ਖੋਜ ਦਾ ਹਵਾਲਾ ਦਿੰਦਿਆਂ ਕਿਹਾ ਕਿ ਲਾਇਬ੍ਰੇਰੀ ਦੀ ਸਮੱਗਰੀ ਅਤੇ ਪਾਵਨ ਗ੍ਰੰਥ ਲਾਪਤਾ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੈ। ਡਾ. ਖੁਸ਼ਹਾਲ ਸਿੰਘ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ। ਗਿਆਨੀ ਕੇਵਲ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੌਮੀ ਸਿੰਘ ਸਭਾ ਪੱਤ੍ਰਿਕਾ (ਜੂਨ-84 ਕਿੱਥੇ ਗਈ ਸਿੱਖ ਰੈਫ਼ਰੈਂਸ ਲਾਇਬ੍ਰਰੀ?) ਅਤੇ ਜੀ.ਬੀ ਐਸ ਸਿੱਧੂ ਦੀ ਪੁਸਤਕ ‘ਖ਼ਾਲਿਸਤਾਨ ਇਕ ਸਾਜ਼ਸ਼ ’ ਦਾ ਨਵਾਂ ਐਡੀਸ਼ਨ ਵਾਈਟ ਕਰੋਅ ਪਬਲਿਸ਼ਰਜ਼ ਵਲੋ ਪ੍ਰਕਾਸ਼ਤ ਕੀਤਾ ਗਿਆ।
ਇਸ ਸਮਾਗਮ ਨੂੰ ਗੁਰਪ੍ਰੀਤ ਸਿੰਘ (ਗਲੋਬਲ ਸਿੱਖ ਕੌਸਲ), ਗੁਰਬੀਰ ਸਿੰਘ ਮਚਾਕੀ, ਡਾ. ਪਿਆਰਾ ਲਾਲ ਗਰਗ, ਹਮੀਰ ਸਿੰਘ, ਭਾਈ ਅਸ਼ੋਕ ਸਿੰਘ ਬਾਗੜੀਆਂ, ਪ੍ਰੋ. ਮਨਜੀਤ ਸਿੰਘ, ਹਰਜੋਤ ਸਿੰਘ, ਨਰੈਣ ਸਿੰਘ ਚੌੜਾ, ਮਹਿੰਦਰ ਸਿੰਘ ਮੌਰਿੰਡਾ, ਸੁਰਿੰਦਰ ਸਿੰਘ ਕਿਸ਼ਨਪੁਰਾ, ਹਰਦੀਪ ਸਿੰਘ ਡਿਬਡਿਬਾ, ਡਾ. ਭਗਵਾਨ ਸਿੰਘ ਅਤੇ ਹਰੋ ਵਿਦਵਾਨ ਨੇ ਅਪਣੇ ਵਿਚਾਰ ਪੇਸ਼ ਕੀਤੇ। ਇਹ ਜਾਣਕਾਰੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ ਨੇ ਸਾਂਝੀ ਕੀਤੀ ਹੈ।