
5 ਸਤੰਬਰ ਨੂੰ ਦੁਪਹਿਰ 3 ਵਜੇ ਤੋਂ ਬਾਅਦ ਹੋਵੇਗੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ
ਨਵੀਂ ਦਿੱਲੀ : ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸੀ ਆਗੂ ਪੀ. ਚਿਦੰਬਰਮ ਦੀ ਆਈਐਨਐਕਸ ਮੀਡੀਆ ਮਾਮਲੇ 'ਚ ਸੁਪਰੀਮ ਕੋਰਟ ਹੁਣ 5 ਸਤੰਬਰ ਵੀਰਵਾਰ ਨੂੰ ਸੁਣਵਾਈ ਕਰੇਗੀ। ਉਦੋਂ ਤਕ ਚਿਦੰਬਰਮ ਸੀਬੀਆਈ ਦੀ ਹਿਰਾਸਤ 'ਚ ਹੀ ਰਹਿਣਗੇ। ਚਿਦੰਬਰਮ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਉਨ੍ਹਾਂ ਨੂੰ ਸੀਬੀਆਈ ਹਿਰਾਸਤ ਵਿਚ ਭੇਜਿਆ ਗਿਆ ਸੀ। ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਅਜੇ ਕੁਮਾਰ ਨੇ ਚਿਦੰਬਰਮ ਦੀ ਰਿਮਾਂਡ ਦੋ ਦਿਨ ਲਈ ਵਧਾ ਦਿੱਤੀ। ਇਸੇ ਦਿਨ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਸੁਣਵਾਈ ਹੋਵੇਗੀ।
Supreme Court
ਚਿਦੰਬਰਮ ਦੇ ਵਕੀਲ ਕਪਿਲ ਸਿੱਬਲ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦੀ ਬੈਂਚ ਨੂੰ ਕਿਹਾ ਸੀ ਕਿ ਉਨ੍ਹਾਂ ਦੀ 74 ਸਾਲ ਉਮਰ ਹੈ ਅਤੇ ਉਨ੍ਹਾਂ ਨੂੰ ਸਿਰਫ਼ ਨਜ਼ਰਬੰਦ ਕੀਤਾ ਜਾਵੇ। ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਇਸ 'ਤੇ ਅਦਾਲਤ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਤਿਹਾੜ ਜੇਲ ਨਹੀਂ ਭੇਜਿਆ ਜਾਵੇਗਾ। ਉਹ ਜ਼ਮਾਨਤ ਲਈ ਸਬੰਧਤ ਅਦਾਲਤ 'ਚ ਅਰਜ਼ੀ ਦਾਖ਼ਲ ਕਰਨ। ਬੀਤੇ ਦਿਨੀਂ ਸੋਮਵਾਰ ਨੂੰ ਵਿਸ਼ੇਸ਼ ਅਦਾਲਤ ਨੇ ਚਿਦੰਬਰਮ ਦੀ ਸੀਬੀਆਈ ਹਿਰਾਸਤ ਮੰਗਲਵਾਰ ਤਕ ਵਧਾਈ ਸੀ। ਸੀਬੀਆਈ ਨੇ ਅਦਾਲਤ ਤੋਂ ਰਿਮਾਂਡ ਵਧਾਏ ਜਾਣ ਦੀ ਮੰਗ ਕੀਤੀ ਸੀ।
P. Chidambaram
ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ 21 ਅਗਸਤ ਨੂੰ ਆਈਐਨਐਕਸ ਮੀਡੀਆ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਗਲੇ ਦਿਨ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਉਹ ਉਦੋਂ ਤੋਂ ਸੀਬੀਆਈ ਦੀ ਹਿਰਾਸਤ ਵਿਚ ਹਨ।