
ਕੁੱਲ 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਪਹਿਲੇ ਪੜਾਅ 'ਚ 89 ਅਤੇ ਦੂਜੇ ਪੜਾਅ 'ਚ 93 ਸੀਟਾਂ 'ਤੇ ਵੋਟਿੰਗ ਹੋਵੇਗੀ।
ਨਵੀਂ ਦਿੱਲੀ: ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਦੋ ਗੇੜਾਂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੀਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਕੁੱਲ 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਪਹਿਲੇ ਪੜਾਅ 'ਚ 89 ਅਤੇ ਦੂਜੇ ਪੜਾਅ 'ਚ 93 ਸੀਟਾਂ 'ਤੇ ਵੋਟਿੰਗ ਹੋਵੇਗੀ।
ਗੁਜਰਾਤ ਵਿਚ ਪਿਛਲੀਆਂ ਛੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਲਗਾਤਾਰ ਜਿੱਤ ਦਰਜ ਕੀਤੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ 99 ਸੀਟਾਂ ਜਿੱਤੀਆਂ ਸਨ ਜਦਕਿ ਕਾਂਗਰਸ ਨੂੰ 77 ਸੀਟਾਂ ਮਿਲੀਆਂ ਸਨ। ਫੀਸਦੀ ਦੇ ਹਿਸਾਬ ਨਾਲ ਚੋਣ 'ਚ ਭਾਜਪਾ ਨੂੰ 49.05 ਫੀਸਦੀ ਵੋਟਾਂ ਮਿਲੀਆਂ ਜਦਕਿ ਕਾਂਗਰਸ ਨੂੰ 42.97 ਫੀਸਦੀ ਵੋਟਾਂ ਮਿਲੀਆਂ।ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੇ ਕਈ ਵਿਧਾਇਕ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸ ਕਾਰਨ ਵਿਧਾਨ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ ਵੱਧ ਕੇ 111 ਹੋ ਗਈ, ਜਦਕਿ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ ਘੱਟ ਕੇ 62 ਹੋ ਗਈ।
ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੀ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਤਾਕਤ ਦਿਖਾਉਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਤੱਕ ਦਰਜਨਾਂ ਵਾਰ ਇੱਥੋਂ ਦਾ ਦੌਰਾ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਿਛਲੇ ਕੁਝ ਸਮੇਂ ਤੋਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰ ਰਹੇ ਹਨ। ਪਿਛਲੇ ਕੁਝ ਦਿਨਾਂ ਵਿਚ ਉਹ ਗੁਜਰਾਤ ਵਿਚ ਸੈਂਕੜੇ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖ ਚੁੱਕੇ ਹਨ।