
ਇਸ ਸਕੀਮ ਨੂੰ ਸ਼ੁਰੂ ਕਰਨ ਸਮੇਂ ਕਿਸਾਨਾਂ ਦੀ ਕੁੱਲ ਗਿਣਤੀ 15.5 ਕਰੋੜ ਦੇ ਕਰੀਬ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਸੀ
ਨਵੀਂ ਦਿੱਲੀ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਦੁਰਵਰਤੋਂ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਵੱਖ-ਵੱਖ ਰਾਜਾਂ ਨਾਲ ਲਗਾਤਾਰ ਸੰਪਰਕ ਵਿਚ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਅਭਿਲਾਸ਼ੀ ਯੋਜਨਾ ਤਹਿਤ ਹੁਣ ਤੱਕ ਦੇਸ਼ ਭਰ ਦੇ 11.5 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ 1.60 ਲੱਖ ਕਰੋੜ ਰੁਪਏ ਜਮ੍ਹਾਂ ਹੋ ਚੁੱਕੇ ਹਨ। ਤੋਮਰ ਉਪਰਲੇ ਸਦਨ ਵਿਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਦੇ ਰਹੇ ਸਨ।
Narendra Tomar
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿਗਰਾਨੀ ਰੱਖਦੀ ਹੈ ਕਿ ਇਸ ਸਕੀਮ ਦੀ ਦੁਰਵਰਤੋਂ ਨਾ ਹੋਵੇ ਅਤੇ ਇਸ ਦੇ ਲਈ ਉਹ ਲਗਾਤਾਰ ਰਾਜਾਂ ਦੇ ਸੰਪਰਕ ਵਿਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫੰਡਾਂ ਦੀ ਦੁਰਵਰਤੋਂ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨੂੰ ਸ਼ੁਰੂ ਕਰਨ ਸਮੇਂ ਕਿਸਾਨਾਂ ਦੀ ਕੁੱਲ ਗਿਣਤੀ 15.5 ਕਰੋੜ ਦੇ ਕਰੀਬ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਸੀ
Narendra Tomar
ਅਤੇ ਅਪਡੇਟ ਕੀਤੀ ਗਈ ਸੂਚੀ ਅਨੁਸਾਰ ਕਿਸਾਨਾਂ ਦੀ ਗਿਣਤੀ 12.5 ਕਰੋੜ ਹੈ, ਜਿਨ੍ਹਾਂ ਵਿਚੋਂ 11.5 ਕਰੋੜ ਦੇ ਕਰੀਬ ਕਿਸਾਨ ਰਜਿਸਟਰਡ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਨਿਰੰਤਰ ਪ੍ਰਕਿਰਿਆ ਹੈ। ਤੋਮਰ ਨੇ ਕਿਹਾ ਕਿ ਬਾਕੀ ਰਹਿੰਦੇ ਕਿਸਾਨਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੱਛਮੀ ਬੰਗਾਲ ਇਸ ਯੋਜਨਾ ਵਿਚ ਸ਼ਾਮਲ ਨਹੀਂ ਸੀ ਪਰ ਹੁਣ ਉਹ ਵੀ ਇਸ ਵਿਚ ਸ਼ਾਮਲ ਹੋ ਗਿਆ ਹੈ।