
ਸੂਤਰਾਂ ਮੁਤਾਬਕ ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ
ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਗੋਲਡੀ ਬਰਾੜ ਨੂੰ ਬੀਤੇ ਦਿਨ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਇਸ ਸਮੇਂ ਕੈਲੀਫੋਰਨੀਆ ਪੁਲਿਸ ਕੋਲ ਨਜ਼ਰਬੰਦ ਹੈ। ਪੰਜਾਬ ਪੁਲਿਸ ਨਾਲ ਜੁੜੇ ਸੂਤਰਾਂ ਅਨੁਸਾਰ ਹੁਣ ਗੋਲਡੀ ਬਰਾੜ ਨੂੰ ਭਾਰਤ ਭੇਜਣ ਦੀਆਂ ਤਿਆਰੀਆਂ ਸ਼ੁਰੂ ਹੁੰਦੀਆਂ ਨਜ਼ਰ ਆ ਰਹੀਆਂ ਹਨ।
ਗੋਲਡੀ ਬਰਾੜ ਨੂੰ ਭਾਰਤ ਭੇਜਣ ਨੂੰ ਲੈ ਕੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ। ਸੂਤਰਾਂ ਮੁਤਾਬਕ ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ। ਪੰਜਾਬ ਪੁਲਿਸ ਅਤੇ ਅਮਰੀਕਾ ਦੀ ਐਫਬੀਆਈ ਵਿਚਾਲੇ ਹੋਈ ਗੱਲਬਾਤ ਨੂੰ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਪ੍ਰਕਿਰਿਆ ਵਿਚ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ 2 ਦਸੰਬਰ ਨੂੰ ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਖੁਲਾਸਾ ਹੋਇਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਗੋਲਡੀ ਬਰਾੜ ਦੇ ਵਕੀਲ ਦਾ ਦਾਅਵਾ ਹੈ ਕਿ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਕ ਵਾਇਰਲ ਪੋਸਟ ਜ਼ਰੀਏ ਵੀ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀਆਂ ਖ਼ਬਰਾਂ ਨੂੰ ਫਰਜ਼ੀ ਦੱਸਿਆ ਜਾ ਰਿਹਾ ਹੈ।