ਵਿਦੇਸ਼ ਤੋਂ ਆਏ ਤਿੰਨ ਮੁਲਜ਼ਮਾਂ ’ਚੋਂ ਇਕ ਦੇ ਖਾਤੇ ’ਚ 25,000 ਰੁਪਏ ਜਮ੍ਹਾਂ ਕਰਵਾਏ ਗਏ ਸਨ : ਪੁਲਿਸ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ’ਚ ਮਾਤਾ ਚਿੰਤਪੁਰਨੀ ਮੰਦਰ ਨੇੜੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ’ਚ ਪੰਜਾਬ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਊਨਾ ਦੇ ਪੁਲਿਸ ਸੁਪਰਡੈਂਟ (ਐਸ.ਪੀ.) ਨੇ ਦਸਿਆ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਢੇਸੀਆ ਅਤੇ ਸੁਰਜਾ ਪਿੰਡਾਂ ਨਾਲ ਸਬੰਧਤ ਮੁਲਜ਼ਮਾਂ ਨੂੰ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਨੌਜਵਾਨਾਂ ਨੂੰ ਗ੍ਰਿਫਤਾਰੀ ਤੋਂ ਬਾਅਦ ਚਿੰਤਪੁਰਨੀ ਥਾਣੇ ਲਿਆਂਦਾ ਗਿਆ।
ਪੁਲਿਸ ਨੇ ਦਸਿਆ ਕਿ ਵਿਦੇਸ਼ ਤੋਂ ਆਏ ਤਿੰਨ ਮੁਲਜ਼ਮਾਂ ’ਚੋਂ ਇਕ ਦੇ ਖਾਤੇ ’ਚ 25,000 ਰੁਪਏ ਜਮ੍ਹਾਂ ਕਰਵਾਏ ਗਏ ਸਨ ਅਤੇ ਕੰਮ ਪੂਰਾ ਹੋਣ ਤੋਂ ਬਾਅਦ 25,000 ਰੁਪਏ ਹੋਰ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਪੁਲਿਸ ਨੇ ਦਸਿਆ ਕਿ ਹੋਰ ਦੋ ਮੁੱਖ ਮੁਲਜ਼ਮ ਦੇ ਨਾਲ ਸਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪੁਲਿਸ ਨੇ ਦਸਿਆ ਕਿ ਮਾਤਾ ਚਿੰਤਪੁਰਨੀ ਮੰਦਰ ਦੇ ਆਲੇ-ਦੁਆਲੇ ਦੀਆਂ ਕੰਧਾਂ ’ਤੇ ਕਥਿਤ ਤੌਰ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਅਤੇ ‘ਹਿਮਾਚਲ ਬਨੇਗਾ ਖਾਲਿਸਤਾਨ’ ਦੇ ਨਾਅਰੇ ਲਿਖਣ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਦੀ ਪਛਾਣ ਕ੍ਰਮਵਾਰ ਫੂਲ ਚੰਦ (26), ਅਰਜਿੰਦਰ ਸਿੰਘ (28) ਅਤੇ ਹੈਰੀ (21) ਵਜੋਂ ਹੋਈ ਹੈ।
ਪਾਬੰਦੀਸ਼ੁਦਾ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਦੀ ਇਕ ਵੀਡੀਉ ਇੰਟਰਨੈੱਟ ’ਤੇ ਵਾਇਰਲ ਹੋਈ ਸੀ, ਜਿਸ ’ਚ ਉਹ ਕੰਧਾਂ ’ਤੇ ਲਿਖੇ ਨਾਅਰਿਆਂ ਨੂੰ ਵਿਖਾ ਕੇ ਕਹਿ ਰਿਹਾ ਸੀ ਕਿ 1984 ਦੇ ਸਿੱਖ ਕਤਲੇਆਮ ’ਚ ਕਥਿਤ ਤੌਰ ’ਤੇ ਸ਼ਾਮਲ ਕਾਂਗਰਸੀ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 153-ਏ ਅਤੇ 153-ਬੀ ਅਤੇ ਹਿਮਾਚਲ ਪ੍ਰਦੇਸ਼ ਓਪਨ ਸਪੇਸ (ਵਿਗਾੜ ਦੀ ਰੋਕਥਾਮ) ਐਕਟ, 1985 ਦੀ ਧਾਰਾ 3 ਤਹਿਤ ਕੇਸ ਦਰਜ ਕੀਤਾ ਹੈ।
ਵੀਡੀਉ ਕਲਿੱਪ ਦੇ ਆਧਾਰ ’ਤੇ ਪੰਨੂੰ ਨੂੰ ਇਸ ਮਾਮਲੇ ’ਚ ਸਹਿ-ਦੋਸ਼ੀ ਅਤੇ ਮੁੱਖ ਸਾਜ਼ਸ਼ਕਰਤਾ ਦੇ ਤੌਰ ’ਤੇ ਨਾਮਜ਼ਦ ਕੀਤਾ ਗਿਆ ਸੀ। ਉਸ ਵਿਰੁਧ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।