
ਦੇਸ਼ ਵਿਚ ਲਗਾਤਾਰ ਵਧਦੇ ਕੋਰੋਨਾ ਮਾਮਲਿਆਂ ਅਤੇ ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਵਿਚ ਵੀਕੈਂਡ ਕਰਫਿਊ ਲਗਾਇਆ ਗਿਆ ਹੈ।
ਨਵੀਂ ਦਿੱਲੀ: ਦੇਸ਼ ਵਿਚ ਲਗਾਤਾਰ ਵਧਦੇ ਕੋਰੋਨਾ ਮਾਮਲਿਆਂ ਅਤੇ ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਵਿਚ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਇਸ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਦਿੱਲੀ ਪੂਰੀ ਤਰ੍ਹਾਂ ਬੰਦ ਰਹੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਇਹ ਫੈਸਲਾ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਵਿਚ ਲਿਆ ਗਿਆ ਹੈ।
ਉਹਨਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਪ੍ਰਾਈਵੇਟ ਦਫ਼ਤਰ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਹੈ ਕਿ ਰਾਜਧਾਨੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦਾ ਕਾਰਨ ਓਮੀਕਰੋਨ ਵੇਰੀਐਂਟ ਹੈ।
ਉਹਨਾਂ ਕਿਹਾ ਕਿ ਹਸਪਤਾਲ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਹੋਰ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ। ਜੇਕਰ ਅਸੀਂ ਓਮੀਕਰੋਨ ਦੇ ਕੁੱਲ ਮਾਮਲਿਆਂ 'ਤੇ ਨਜ਼ਰ ਮਾਰੀਏ ਤਾਂ ਮੰਗਲਵਾਰ ਸਵੇਰ ਤੱਕ ਦੇਸ਼ ਦੇ 23 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ 1,892 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 766 ਲੋਕ ਠੀਕ ਮੁਕਤ ਹੋ ਗਏ ਹਨ ਜਾਂ ਵਿਦੇਸ਼ ਚਲੇ ਗਏ ਹਨ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿਚ ਸਭ ਤੋਂ ਵੱਧ 568 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦਿੱਲੀ ਵਿਚ 382, ਕੇਰਲ ਵਿਚ 185, ਰਾਜਸਥਾਨ ਵਿਚ 174, ਗੁਜਰਾਤ ਵਿਚ 152 ਅਤੇ ਤਾਮਿਲਨਾਡੂ ਵਿਚ 121 ਮਾਮਲੇ ਸਾਹਮਣੇ ਆਏ ਹਨ।