
ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਤੋਂ ਇਲਾਵਾ ਆਮਦਨ ਦੁੱਗਣੀ ਕਰਨ ਦਾ ਜ਼ਰੀਏ ਬਣਨਗੇ ਖੇਤੀ ਕਾਨੂੰਨ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦੀ ਗੂਜ ਦੁਨੀਆਂ ਦੇ ਹਰ ਕੋਨੇ ਤਕ ਪਹੁੰਚ ਰਹੀ ਹੈ। ਵਿਸ਼ਵ ਪ੍ਰਸਿੱਧ ਹਸਤੀਆਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀਆਂ ਹਨ। ਕੇਂਦਰ ਸਰਕਾਰ ’ਤੇ ਵੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਬਾਅ ਵਧਦਾ ਜਾ ਰਿਹਾ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੂੰ ਅਜੇ ਵੀ ਖੇਤੀ ਕਾਨੂੰਨ ਕਿਸਾਨਾਂ ਲਾਹੇਵੰਦ ਜਾਪ ਰਹੇ ਹਨ ਅਤੇ ਉਹ ਖੇਤੀ ਕਾਨੂੰਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਦਾ ਕੋਈ ਵੀ ਮੌਕਾ ਛੱਡ ਨਹੀਂ ਰਹੀ।
Pm Modi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4 ਫ਼ਰਵਰੀ ਨੂੰ ਇਕ ਸਮਾਗਮ ਦੌਰਾਨ ਖੇਤੀ ਕਾਨੂੰਨਾਂ ਦਾ ਮੁੜ ਜ਼ਿਕਰ ਕੀਤਾ ਹੈ। ਪ੍ਰਧਾਨ ਮੰਤਰੀ ਨੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਇਤਿਹਾਸਕ ਚੌਰੀ-ਚੌਰਾ ਘਟਨਾ ਸ਼ਤਾਬਦੀ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਆਜ਼ਾਦੀ ਦੀ ਲੜਾਈ ਦੌਰਾਨ ਹੋਈ ਚੌਰੀ-ਚੌਰਾ ਘਟਨਾ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਖੇਤੀ ਕਾਨੂੰਨਾਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਨੂੰ ਕਿਸਾਨਾਂ ਲਈ ਲਾਹੇਵੰਦ ਦਸਿਆ।
Farmers Protest
ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਬਜਟ ਦੀ ਤਾਰੀਫ ਕਰਦਿਆਂ ਇਸ ਨੂੰ ਹਰ ਵਰਗ ਲਈ ਲਾਹੇਵੰਦ ਕਰਾਰ ਦਿਤਾ। ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਫ਼ਾਇਦੇਮੰਦ ਦਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨ ਆਤਮ ਨਿਰਭਰ ਬਣੇਗਾ। ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਣਗੇ। ਇਹ ਕਾਨੂੰਨ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਜ਼ਰੀਏ ਬਣਨਗੇ।
PM Modi
ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਦੀ ਸਭ ਤੋਂ ਵੱਡੀ ਬੁਨਿਆਦ ਕਿਸਾਨ ਹੀ ਰਹੇ ਹਨ। ਇਹੀ ਕਾਰਨ ਹੈ ਕਿ ਬਜਟ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ। ਸਾਡੀ ਸਰਕਾਰ ਕਿਸਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਜਟ ਦੀ ਬਣਤਰ ਅਤੇ ਚੁੱਕੇ ਗਏ ਕਦਮ ਕਿਸਾਨਾਂ ਨੂੰ ਆਰਥਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਲਈ ਵਪਾਰਕ ਰਸਤੇ ਖੋਲ੍ਹਣ ਲਈ ਲਾਹੇਵੰਦ ਸਾਬਤ ਹੋਣਗੇ।
Farmers Protest
ਕਾਬਲੇਗੌਰ ਹੈ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਤੋਂ ਇਲਾਵਾ ਦੇਸ਼ ਦੀਆਂ ਬਹੁਗਿਣਤੀ ਵਿਰੋਧੀ ਪਾਰਟੀਆਂ ਇਕਜੁਟ ਹੋ ਚੁਕੀਆਂ ਹਨ। ਕਿਸਾਨਾਂ ਵਲੋਂ ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਅੰਦਰ ਮਹਾਂਪ੍ਰਚਾਇਤਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਕਿਸਾਨ ਇਕੱਤਰ ਹੋ ਰਹੇ ਹਨ। ਬੀਤੇ ਦਿਨ ਇਕ ਮਹਾਪੰਚਾਇਤ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਤੋਂ ਵਾਪਸੀ ਤੋਂ ਗੱਦੀ ਵਾਪਸੀ ਮੰਗਣ ਤਕ ਦੇ ਸੰਕੇਤ ਦੇ ਦਿਤੇ ਹਨ।
Farmers Protest
ਸੰਸਦ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਵਿਰੋਧੀ ਪਾਰਟੀਆਂ ਵਲੋਂ ਭਾਰੀ ਹੰਗਾਮੇ ਕੀਤੇ ਗਏ। ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧੀ ਪਾਰਟੀਆਂ ਦੀ ਲਾਮਬੰਦੀ ਸਰਕਾਰ ਲਈ ਵੱਡੀ ਚੁਨੌਤੀ ਪੈਦਾ ਕਰ ਰਹੀਆਂ ਹਨ। ਦਿੱਲੀ ਦੇ ਬਾਰਡਰਾਂ ’ਤੇ ਧਰਨਾ ਸਥਾਨਾਂ ਦੀ ਮੋਰਚਾਬੰਦੀ ਨੂੰ ਲੈ ਕੇ ਸਰਕਾਰ ’ਤੇ ਉਂਗਲ ਉਠ ਰਹੀ ਹੈ। ਅੱਜ ਵਿਰੋਧੀ ਪਾਰਟੀਆਂ ਦੇ ਕਈ ਆਗੂ ਧਰਨਾ ਸਥਾਨਾਂ ’ਤੇ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ। ਸਰਕਾਰ ’ਤੇ ਜਿੱਥੇ ਖੇਤੀ ਕਾਨੂੰਨ ਵਾਪਸੀ ਲਈ ਦਬਾਅ ਪੈ ਰਿਹਾ ਹੈ, ਉਥੇ ਵਿਸ਼ਵ ਪੱਧਰੀ ਸ਼ਖ਼ਸੀਅਤਾਂ ਵਲੋਂ ਆਵਾਜ਼ ਉਠਾਉਣ ਬਾਅਦ ਸਰਕਾਰ ’ਤੇ ਕਿਸਾਨਾਂ ਨਾਲ ਗੱਲਬਾਤ ਲਈ ਦਬਾਅ ਵੀ ਵੱਧ ਰਿਹਾ ਹੈ।