
ਯੂਟੀ ਪ੍ਰਸ਼ਾਸਨ ਨੇ ‘ਨੋ ਵੈਕਸੀਨ ਨੋ ਸਕੂਲ’ ਦੇ ਆਦੇਸ਼ ਵਾਪਸ ਲੈ ਲਏ ਹਨ। ਹੁਣ ਟੀਕਾਕਰਨ ਨਾ ਕਰਵਾਉਣ ਵਾਲੇ 12 ਤੋਂ 18 ਸਾਲ ਦੇ ਬੱਚਿਆਂ ਦੀ ਪੜ੍ਹਾਈ ਖਰਾਬ ਨਹੀਂ ਹੋਵੇਗੀ।
ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ ‘ਨੋ ਵੈਕਸੀਨ ਨੋ ਸਕੂਲ’ ਦੇ ਆਦੇਸ਼ ਵਾਪਸ ਲੈ ਲਏ ਹਨ। ਹੁਣ ਟੀਕਾਕਰਨ ਨਾ ਕਰਵਾਉਣ ਵਾਲੇ 12 ਤੋਂ 18 ਸਾਲ ਦੇ ਬੱਚਿਆਂ ਦੀ ਪੜ੍ਹਾਈ ਖਰਾਬ ਨਹੀਂ ਹੋਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਇਕ ਅਹਿਮ ਹੁਕਮ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਟੀਕਾਕਰਨ ਨਾ ਕਰਵਾਉਣ ਵਾਲੇ ਬੱਚਿਆਂ ਲਈ ਅੱਜ 4 ਮਈ ਤੋਂ ਸਕੂਲ ਵਿਚ ਕਲਾਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ।
ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਇਸ ਹੁਕਮ ਨੂੰ ਵਾਪਸ ਲੈਂਦੇ ਹੋਏ ਕਿਹਾ ਕਿ ਅਜਿਹੇ ਬੱਚਿਆਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਮਾਸਕ ਪਾ ਕੇ ਆਉਣਾ ਅਤੇ ਸੈਨੀਟਾਈਜ਼ਰ ਦੀ ਵਰਤੋਂ ਜ਼ਰੂਰੀ ਹੈ। ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦਾ, ਇਸ ਲਈ ਬੱਚਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਕੋਰੋਨਾ ਟੀਕਾਕਰਨ ਪੂਰੀ ਤਰ੍ਹਾਂ ਵਿਕਲਪਿਕ ਹੈ ਅਤੇ ਕੇਂਦਰ ਸਰਕਾਰ ਨੇ ਇਸ ਸਬੰਧ ਵਿਚ ਸੁਪਰੀਮ ਕੋਰਟ ਵਿਚ ਹਲਫਨਾਮਾ ਵੀ ਦਿੱਤਾ ਹੈ।
ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ 15 ਮਈ ਤੱਕ 12 ਤੋਂ 18 ਸਾਲ ਦੀ ਉਮਰ ਦੇ 100 ਫੀਸਦੀ ਬੱਚਿਆਂ ਨੂੰ ਪਹਿਲੀ ਖੁਰਾਕ ਤੋਂ ਟੀਕਾਕਰਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਹੈ ਕਿ ਭਾਵੇਂ ਕੋਵਿਡ ਟੀਕਾਕਰਨ ਵਿਕਲਪਿਕ ਹੈ ਪਰ ਪ੍ਰਸ਼ਾਸਨ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਸ ਦੇ ਲਾਭਾਂ ਬਾਰੇ ਜਾਣੂ ਕਰੇ। ਉਹਨਾਂ ਸ਼ਹਿਰ ਦੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਇਕ ਵਾਰ ਫਿਰ ਬੱਚਿਆਂ ਨੂੰ ਟੀਕਾਕਰਨ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਪਿਛਲੇ ਮਹੀਨੇ ਹੁਕਮ ਜਾਰੀ ਕੀਤੇ ਸਨ, ਜਿਸ ਨਾਲ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ 'ਤੇ ਅਸਰ ਪੈ ਸਕਦਾ ਸੀ। ਇੰਡੀਪੈਂਡੈਂਟ ਸਕੂਲ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਐਚਐਸ ਮਾਮਿਕ ਨੇ ਸਪੱਸ਼ਟ ਕੀਤਾ ਸੀ ਕਿ 4 ਮਈ ਤੋਂ ਬਿਨਾਂ ਟੀਕਾਕਰਨ ਵਾਲੇ ਬੱਚਿਆਂ ਨੂੰ ਸਕੂਲ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਪਰ ਉਹਨਾਂ ਲਈ ਆਨਲਾਈਨ ਕਲਾਸਾਂ ਦੀ ਸਹੂਲਤ ਵੀ ਨਹੀਂ ਹੋਵੇਗੀ। ਪ੍ਰਸ਼ਾਸਨ ਵੱਲੋਂ ਹੁਕਮਾਂ ’ਤੇ ਰੋਕ ਲਾਉਣ ਨਾਲ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਹਜ਼ਾਰਾਂ ਬੱਚਿਆਂ ਦੀ ਪੜ੍ਹਾਈ ਖ਼ਰਾਬ ਨਹੀਂ ਹੋਵੇਗੀ।