
ਕਿਹਾ, ਹੁਣ ਈ.ਡੀ. ਅਤੇ ਸੀ.ਬੀ.ਆਈ. ਵਲੋਂ ਅੰਤਮ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਹੀ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਜਾ ਸਕੇਗੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ‘ਘਪਲੇ’ ਦੇ ਸਬੰਧ ’ਚ ਸੀ.ਬੀ.ਆਈ. ਅਤੇ ਈ.ਡੀ. ਵਲੋਂ ਦਰਜ ਮਾਮਲਿਆਂ ’ਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਮੰਗਲਵਾਰ ਨੂੰ ਇਨਕਾਰ ਕਰ ਦਿਤਾ।
ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਸਿਸੋਦੀਆ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ’ਚ ਕ੍ਰਮਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਅਪਣੀ ਅੰਤਮ ਮੁਕੱਦਮਾ ਸ਼ਿਕਾਇਤ ਅਤੇ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਜ਼ਮਾਨਤ ਲਈ ਅਪਣੀਆਂ ਪਟੀਸ਼ਨਾਂ ਨੂੰ ਮੁੜ ਸੁਰਜੀਤ ਕਰ ਸਕਦੇ ਹਨ। ਮੁਕੱਦਮਾ ਚਲਾਉਣ ਦੀ ਸ਼ਿਕਾਇਤ ਈ.ਡੀ. ਦੀ ਚਾਰਜਸ਼ੀਟ ਦੇ ਬਰਾਬਰ ਹੈ।
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਈ.ਡੀ. ਅਤੇ ਸੀ.ਬੀ.ਆਈ. ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ’ਤੇ ਗੌਰ ਕੀਤਾ ਕਿ ਕੇਂਦਰੀ ਜਾਂਚ ਏਜੰਸੀਆਂ 3 ਜੁਲਾਈ ਤਕ ਅਪਣੀ ਅੰਤਿਮ ਸ਼ਿਕਾਇਤ ਅਤੇ ਚਾਰਜਸ਼ੀਟ ਦਾਇਰ ਕਰਨਗੀਆਂ।
ਸਿਸੋਦੀਆ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸਿਸੋਦੀਆ ਲਈ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਕਿ ਰਾਜਨੇਤਾ ਦੇ ਲਗਭਗ 15 ਮਹੀਨਿਆਂ ਤੋਂ ਹਿਰਾਸਤ ’ਚ ਹੋਣ ਦੇ ਬਾਵਜੂਦ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਅਜੇ ਸ਼ੁਰੂ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ’ਚ ਮੁਕੱਦਮਾ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਜਾਂਚ ਅਜੇ ਵੀ ਜਾਰੀ ਹੈ।
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ 21 ਮਈ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਨੌਤੀ ਦਿਤੀ ਸੀ, ਜਿਸ ’ਚ ਦੋਹਾਂ ਕੇਂਦਰੀ ਏਜੰਸੀਆਂ ਵਲੋਂ ਜਾਂਚ ਕੀਤੇ ਗਏ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿਤੀ ਗਈ ਸੀ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਇਹ ਕਹਿੰਦੇ ਹੋਏ ਖਾਰਜ ਕਰ ਦਿਤੀ ਸੀ ਕਿ ਇਹ ਮਾਮਲਾ ਉਨ੍ਹਾਂ ਵਲੋਂ ਸੱਤਾ ਦੀ ਦੁਰਵਰਤੋਂ ਅਤੇ ਲੋਕਾਂ ਦੇ ਭਰੋਸੇ ਦੀ ਉਲੰਘਣਾ ਨਾਲ ਜੁੜਿਆ ਹੋਇਆ ਹੈ।
ਸਿਸੋਦੀਆ ਨੇ ਹੇਠਲੀ ਅਦਾਲਤ ਦੇ 30 ਅਪ੍ਰੈਲ ਦੇ ਉਸ ਹੁਕਮ ਨੂੰ ਹਾਈ ਕੋਰਟ ’ਚ ਚੁਨੌਤੀ ਦਿਤੀ ਸੀ, ਜਿਸ ’ਚ ਉਸ ਨੇ 2021-22 ਲਈ ਦਿੱਲੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ’ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਸੀ।
ਸਿਸੋਦੀਆ ਨੂੰ ਸੀ.ਬੀ.ਆਈ. ਨੇ 26 ਫ਼ਰਵਰੀ, 2023 ਨੂੰ ਸ਼ਰਾਬ ਨੀਤੀ ਮਾਮਲੇ ’ਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਈ.ਡੀ. ਨੇ ਉਸ ਨੂੰ 9 ਮਾਰਚ, 2023 ਨੂੰ ਸੀ.ਬੀ.ਆਈ. ਐਫ.ਆਈ.ਆਰ. ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੇ 28 ਫ਼ਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿਤਾ ਸੀ।